ਪਾਲ ਸਿੰਘ ਨੌਲੀ
ਜਲੰਧਰ, 10 ਮਈ
ਫਾਸ਼ੀ ਹਮਲੇ ਵਿਰੋਧੀ ਫਰੰਟ ਵੱਲੋਂ ਦੇਸ਼ ਭਗਤ ਯਾਦਗਾਰ ਕੰਪਲੈਕਸ ਵਿੱਚ ਕਰਵਾਈ ਗਈ ਸੂਬਾਈ ਕਨਵੈਨਸ਼ਨ ਦੌਰਾਨ ਬੁਲਾਰਿਆਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿੱਚ ਫਿਰਕੂ ਏਜੰਡੇ ਨੂੰ ਅੱਗੇ ਵਧਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਆਮ ਲੋਕਾਂ ਦੀ ਜ਼ਿੰਦਗੀ ਨਾਲ ਕੋਈ ਵਾਹ-ਵਾਸਤਾ ਨਹੀਂ, ਉਹ ਸਿਰਫ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਹਮੇਸ਼ਾ ਪੱਬਾਂ-ਭਾਰ ਰਹਿੰਦੀ ਹੈ ਤੇ ਉਨ੍ਹਾਂ ਮੁਤਾਬਕ ਹੀ ਨੀਤੀਆਂ ਘੜਦੀ ਹੈ। ਇਸ ਮੌਕੇ ਆਰਐੱਮਪੀਆਈ ਦੇ ਕੁੱਲ ਹਿੰਦ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਸੀਪੀਆਈ ਦੇ ਸੂਬਾਈ ਸਕੱਤਰ ਬੰਤ ਸਿੰਘ ਬਰਾੜ, ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਅਜਮੇਰ ਸਿੰਘ ਸਮਰਾ, ਸੀਪੀਆਈ (ਐੱਮਐੱਲ) ਲਬਿਰੇਸ਼ਨ ਦੇ ਪ੍ਰਮੁੱਖ ਆਗੂ ਸੁਖਦਰਸ਼ਨ ਸਿੰਘ ਨੱਤ, ਐੱਮਸੀਪੀਆਈ (ਯੂ) ਦੇ ਮੰਗਤ ਰਾਮ ਲੌਂਗੋਵਾਲ ਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਮੁਖਤਿਆਰ ਸਿੰਘ ਪੂਹਲਾ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੇਸ਼ ਵਿਚ ਫਿਰਕੂ ਏਜੰਡੇ ’ਤੇ ਅੱਗੇ ਵਧਦੀ ਹੋਈ ਫਾਸ਼ੀਵਾਦੀ ਹਮਲੇ ਕਰ ਰਹੀ ਹੈ, ਜਿਸ ਨਾਲ ਦੇਸ਼ ਤਬਾਹੀ ਦੇ ਕੰਢੇ ’ਤੇ ਜਾ ਖੜ੍ਹਿਆ ਹੈ।
ਉਨ੍ਹਾਂ ਕਿਹਾ ਕਿ ਫਾਸ਼ੀ ਹਮਲੇ ਵਿਰੋਧੀ ਫਰੰਟ ਨੇ ਫ਼ੈਸਲਾ ਕੀਤਾ ਕਿ ਪੰਜਾਬ ਵਿੱਚ ਮਾਝਾ, ਦੋਆਬਾ, ਬਠਿੰਡਾ ਅਤੇ ਪਟਿਆਲਾ ਵਿੱਚ ਜ਼ੋਨਲ ਕਨਵੈਨਸ਼ਨਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਸੂਬਾਈ ਪੱਧਰ ’ਤੇ ਮਹਾ ਰੈਲੀ ਕੀਤੀ ਜਾਵੇਗੀ। ਪ੍ਰੋਗਰਾਮ ਦੀ ਪ੍ਰਧਾਨਗੀ ਗੁਰਨਾਮ ਕੰਵਰ, ਰਤਨ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਵੜੈਚ, ਜਸਵੰਤ ਸਿੰਘ ਜੀਰੀ, ਗੁਰਪ੍ਰੀਤ ਸਿੰਘ ਰੂੜੇਕੇ, ਗੁਰਨਾਮ ਸਿੰਘ ਬਾਲਦ ਕਲਾਂ ਨੇ ਕੀਤੀ ਜਦਕਿ ਸਟੇਜ ਸਕੱਤਰ ਦੀਆਂ ਸੇਵਾਵਾਂ ਨਰੈਣ ਦੱਤ ਨੇ ਬਾਖੂਬੀ ਨਿਭਾਈਆਂ।