ਜੋਗਿੰਦਰ ਸਿੰਘ ਮਾਨ
ਮਾਨਸਾ, 3 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਅੱਜ ਪਿੰਡ ਕੋਟਧਰਮੂ ਦੇ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਆਗੂਆਂ ਦੀ ਆਪਸੀ ਫੁੱਟ ਦਾ ਫਾਇਦਾ ਚੁੱਕਣ ਲੱਗੀ ਹੈ, ਜਿਸ ਲਈ ਸਾਰੇ ਕਿਸਾਨ ਆਗੂਆਂ ਨੂੰ ਮੁੜ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਰਾਜ ਸਭਾ ਵਿੱਚ ਘੱਟੋ-ਘੱਟ ਸਮਰੱਥਨ ਮੁੱਲ (ਐੱਮਐੱਸਪੀ) ਬਾਰੇ ਕਮੇਟੀ ਕਾਇਮ ਕਰਨ ਲਈ ਕਿਸਾਨਾਂ ਦੇ ਨਾਵਾਂ ਦੀ ਉਡੀਕ ਕਰਨ ਦੀ ਗੱਲ ਕਹੀ ਹੈ ਪਰ ਸੱਚਾਈ ਇਹ ਹੈ ਕਿ ਕੇਂਦਰ ਸਰਕਾਰ ਐੱਮਐੱਸਪੀ ਸਮੇਤ ਕਿਸਾਨ ਅੰਦੋਲਨ ਨਾਲ ਜੁੜੀਆਂ ਹੋਰ ਮੰਗਾਂ ਮੰਨਣ ਸਬੰਧੀ ਟਾਲਾ ਵੱਟਣ ਲੱਗੀ ਹੈ।
ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਾਅਦੇ ਪੂਰੇ ਕਰਵਾਉਣ ਲਈ ਸਮੇਂ-ਸਮੇਂ ’ਤੇ ਕੇਂਦਰ ਸਰਕਾਰ ਨਾਲ ਚਿੱਠੀ-ਪੱਤਰ ਰਾਹੀਂ ਤਾਲਮੇਲ ਕਰਦਾ ਆ ਰਿਹਾ ਹੈ। ਉਨ੍ਹਾਂ ਐੱਮਐੱਸਪੀ ਸਬੰਧੀ ਕਮੇਟੀ ਬਣਾਉਣ ਬਾਰੇ ਆਪਣੀ ਰਾਇ ਦਿੰਦਿਆਂ ਕਿਹਾ ਕਿ ਕਮੇਟੀ ਵਿਚ ਪੰਜਾਬ ’ਚੋਂ ਬਲਬੀਰ ਸਿੰਘ ਰਾਜੇਵਾਲ, ਯੂਪੀ ’ਚੋਂ ਯੁੱਧਵੀਰ ਸਿੰਘ, ਹਰਿਆਣਾ ’ਚੋਂ ਗੁਰਨਾਮ ਸਿੰਘ ਚੜੂਨੀ ਅਤੇ ਰਾਜਸਥਾਨ ’ਚੋਂ ਇੱਕ ਆਗੂ ਲੈ ਲੈਣਾ ਚਾਹੀਦਾ ਹੈ। ਇਨ੍ਹਾਂ ਸੂਬਿਆਂ ਨੇ ਹੀ ਅੰਦੋਲਨ ਵਿਚ ਮੋਹਰੀ ਰੋਲ ਅਦਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਬੁਲਾ ਕੇ ਐੱਮਐੱਸਪੀ ਸਮੇਤ ਹੋਰਨਾਂ ਮੰਗਾਂ ਲਈ ਮੁੜ ਤੋਂ ਅੰਦੋਲਨ ਆਰੰਭ ਕਰਨ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗੀਆਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਕੇਂਦਰ ਸਰਕਾਰ ਅਚਾਨਕ ਹੀ ਹਰ ਰੋਜ਼ ਡੀਜ਼ਲ ਦੀਆਂ ਕੀਮਤਾਂ ਵਧਾਉਣ ਲੱਗ ਪਈ ਹੈ, ਜਿਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ ਉਪਰ ਪੈਣ ਲੱਗਿਆ ਹੈ। ਇਸ ਮੌਕੇ ਰਾਮਫਲ ਸਿੰਘ ਚੱਕ ਅਲੀਸ਼ੇਰ, ਗੋਰਾ ਸਿੰਘ ਭੈਣੀਬਾਘਾ, ਨਰਿੰਦਰ ਕੋਰ ਬੁਰਜ ਹਮੀਰਾ, ਸੁਖਚਰਨ ਦਾਨੇਵਾਲੀਆ, ਬਲਜੀਤ ਸਿੰਘ ਕੋਟਧਰਮੂ, ਦਰਸ਼ਨ ਸਿੰਘ ਮਘਾਣੀਆਂ ਸਮੇਤ ਹੋਰ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।