ਚੰਡੀਗੜ੍ਹ, 3 ਅਕਤੂਬਰ
ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨੇ ਅੱਜ ਇੱਥੇ ਕਿਹਾ ਕਿ ਪੰਜਾਬ, ਹਰਿਆਣਾ, ਦਿੱਲੀ ਤੇ ਯੂਪੀ ਸਰਕਾਰਾਂ ਵੱਲੋਂ ਪਰਾਲੀ ਸਾੜਨ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਸਕਾਰਾਤਮਕ ਹੁੰਗਾਰਾ ਭਰਿਆ ਗਿਆ ਹੈ। ਯਾਦਵ ਨੇ ਪਿਛਲੇ ਮਹੀਨੇ ਇਨ੍ਹਾਂ ਸੂਬਾ ਸਰਕਾਰਾਂ ਨਾਲ ਮੀਟਿੰਗ ਕੀਤੀ ਸੀ ਤਾਂ ਜੋ ਪਰਾਲੀ ਸਾੜਨ ਨਾਲ ਹੁੰਦੇ ਹਵਾ ਪ੍ਰਦੂਸ਼ਣ ਨੂੰ ਨੱਥ ਪਾਈ ਜਾ ਸਕੇ। ਯਾਦਵ ਜੋ ਕਿ ਜੰਗਲਾਤ ਤੇ ਜਲਵਾਯੂ ਤਬਦੀਲੀ ਬਾਰੇ ਵੀ ਮੰਤਰੀ ਹਨ, ਨੇ ਕਿਹਾ ਕਿ ਪਿਛਲੇ ਮਹੀਨੇ ਹੋਈ ਬੈਠਕ ਵਿਚ ਧੂੜ, ਉਸਾਰੀ ਕਾਰਜਾਂ ਤੇ ਵਾਹਨਾਂ ਕਾਰਨ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਬਾਰੇ ਵੀ ਵਿਚਾਰ ਚਰਚਾ ਹੋਈ ਹੈ। ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਤਕਨੀਕਾਂ ਅੱਜਕੱਲ੍ਹ ਉਪਲਬਧ ਹਨ, ਪਰਾਲੀ ਤੋਂ ਆਰਥਿਕ ਲਾਹਾ ਵੀ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਨੇ ਇੱਥੇ ‘ਸ਼੍ਰਮ ਬਿਊਰੋ ਭਵਨ’ ਵਿਚ ਇਕ ਸਮਾਗਮ ਨੂੰ ਸੰਬੋਧਨ ਕੀਤਾ। -ਪੀਟੀਆਈ