ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਸਤੰਬਰ
ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਮਸਲਿਆਂ ਨੂੰ ਅਣਦੇਖਿਆ ਕਰਨ ਦੇ ਰਵੱਈਏ ਤੋਂ ਸ਼੍ਰੋਮਣੀ ਕਮੇਟੀ ਨਾਖੁਸ਼ ਹੈ, ਜਿਸ ਕਾਰਨ ਕਮੇਟੀ ਨੇ ਹੁਣ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਇਹ ਖੁਲਾਸਾ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਵੱਖ ਵੱਖ ਸਿੱਖ ਮਸਲਿਆਂ ਬਾਰੇ ਕਈ ਵਾਰ ਪੱਤਰ ਲਿਖੇ ਗਏ ਹਨ ਅਤੇ ਇਨ੍ਹਾਂ ਮਸਲਿਆਂ ਬਾਰੇ ਪਾਸ ਕੀਤੇ ਮਤੇ ਵੀ ਭੇਜੇ ਗਏ ਹਨ ਪਰ ਕੇਂਦਰ ਸਰਕਾਰ ਨੇ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਲੋਕਲ ਪ੍ਰਬੰਧ ਵਾਲੇ 30 ਤੋਂ ਵੱਧ ਇਤਿਹਾਸਕ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਹੇਠ ਲਿਆਉਣ ਲਈ ਸਿੱਖ ਗੁਰਦੁਆਰਾ ਐਕਟ ਅਨੁਸਾਰ ਕਾਰਵਾਈ ਵਾਸਤੇ ਕਈ ਵਾਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਪਰ ਸਰਕਾਰ ਇਸ ’ਤੇ ਕੋਈ ਵੀ ਹੁੰਗਾਰਾ ਨਹੀਂ ਭਰ ਰਹੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅੱਜ ਇਹ ਮਾਮਲਾ ਵਿਚਾਰਨ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ ਅਤੇ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਦਿੱਲੀ ਜਾਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਸਰਕਾਰ ਵੱਲੋਂ ਇਸੇ ਬੇਰੁਖੀ ਵਾਲੇ ਰਵੱਈਏ ਤਹਿਤ ਹੀ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵੀ ਸਮੇਂ ਸਿਰ ਨਹੀਂ ਕਰਵਾਈਆਂ ਜਾ ਰਹੀਆਂ। ਇਸ ਦੌਰਾਨ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਨੇ ਇਕ ਹਫ਼ਤੇ ਵਿੱਚ ਢੁੱਕਵੀਂ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਕਮੇਟੀ ਅਗਲਾ ਪ੍ਰੋਗਰਾਮ ਐਲਾਨੇਗੀ। ਮੀਟਿੰਗ ’ਚ ਦਿੱਲੀ ਕਿਸਾਨ ਸੰਘਰਸ਼ ਦੀ ਹਮਾਇਤ ’ਤੇ ਗਏ ਸਿੱਖਾਂ ਦੇ ਕੇਸਾਂ ਅਤੇ ਸਿੱਖੀ ਸਰੂਪ ਦੀ ਬੇਅਦਬੀ ਦੇ ਮਾਮਲੇ ’ਤੇ ਵੀ ਫਿਕਰ ਜ਼ਾਹਿਰ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
ਜਲਦੀ ਦਰਸ਼ਨਾਂ ਲਈ ਖੁੱਲ੍ਹੇਗਾ ਇਤਿਹਾਸਕ ਖੂਹ
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜੂਨ 1984 ਸਮੇਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਇਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀਆਂ ਸਿਫਾਰਸ਼ਾਂ ਅਨੁਸਾਰ ਕਾਰਜ ਕੀਤਾ ਜਾਵੇਗਾ। ਸ੍ਰੀ ਅਕਾਲ ਤਖ਼ਤ ਦੇ ਹੇਠਾਂ ਬਣੇ ਇਤਿਹਾਸਕ ਖੂਹ ਵੀ ਸੰਗਤ ਦੇ ਦਰਸ਼ਨਾਂ ਲਈ ਜਲਦੀ ਖੋਲ੍ਹਿਆ ਜਾਵੇਗਾ। ਸਬ-ਕਮੇਟੀ ਨੇ ਇਨ੍ਹਾਂ ਮਾਮਲਿਆਂ ਸਬੰਧੀ ਵਿਸਥਾਰਤ ਰਿਪੋਰਟ ਦਿੱਤੀ ਹੈ, ਜਿਸ ਨੂੰ ਲਾਗੂ ਕਰਨ ਦੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਬੇਅਦਬੀ ਮਾਮਲੇ ਦੇ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ
ਰੂਪਨਗਰ (ਪੱਤਰ ਪ੍ਰੇਰਕ): ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀੜੀ ਪੀ ਕੇ ਬੇਅਦਬੀ ਕਰਨ ਦੇ ਮੁਲਜ਼ਮ ਪਰਮਜੀਤ ਸਿੰਘ ਨੂੰ ਰੂਪਨਗਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਮੁਲਜ਼ਮ ਪੁਲੀਸ ਰਿਮਾਂਡ ’ਤੇ ਸੀ। ਜ਼ਿਕਰਯੋਗ ਹੈ ਮੁਲਜ਼ਮ ਨੇ 13 ਸਤੰਬਰ ਦੀ ਸਵੇਰ ਕਥਿਤ ਤੌਰ ’ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਹਿਲਾਂ ਆਪਣੇ ਸਿਰ ਤੋਂ ਰੁਮਾਲ ਉਤਾਰਿਆ ਅਤੇ ਫਿਰ ਬੀੜੀ ਜਲਾ ਕੇ ਉਸ ਦਾ ਧੂੰਆਂ ਰਾਗੀ ਸਿੰਘਾਂ ’ਤੇ ਛੱਡਿਆ ਸੀ।