ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਈ
‘ਆਪ’ ਨੇ ਪੋਟਾਸ਼ ਖਾਦ ਦੀਆਂ ਕੀਮਤਾਂ ਵਿੱਚ ਵਾਧੇ ਦੀ ਨਿਖੇਧੀ ਕਰਦਿਆਂ ਮੋਦੀ ਸਰਕਾਰ ’ਤੇ ਖਾਦਾਂ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ ਨੂੰ ਤਬਾਹ ਕਰਨ ਦਾ ਦੋਸ਼ ਲਾਇਆ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵਿਚਲੀ ਭਾਜਪਾ ਸਰਕਾਰ ਖਾਦ ਤੇ ਹੋਰ ਖੇਤੀਬਾੜੀ ਸਾਧਨਾਂ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕਰ ਕੇ ਪਹਿਲਾਂ ਤੋਂ ਹੀ ਕਰਜ਼ੇ ਵਿੱਚ ਫਸੇ ਕਿਸਾਨਾਂ ’ਤੇ ਹੋਰ ਆਰਥਿਕ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਡੀਏਪੀ ਤੇ ਹੁਣ ਪੋਟਾਸ਼ ਖਾਦ ਦੀ ਕੀਮਤ ਵਧਾ ਕੇ ਕਿਸਾਨਾਂ ’ਤੇ ਹੋਰ ਵਿੱਤੀ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਫ਼ੈਸਲਾ ਸਿੱਧੇ ਤੌਰ ’ਤੇ ਕਿਸਾਨ ਵਿਰੋਧੀ ਨੀਤੀ ਨੂੰ ਪ੍ਰਗਟ ਕਰਦਾ ਹੈ। ‘ਆਪ’ ਆਗੂ ਨੇ ਮੰਗ ਕੀਤੀ ਕਿ ਖਾਦਾਂ ਦੇ ਮੁੱਲ ’ਚ ਵਾਧਾ ਵਾਪਸ ਲਿਆ ਜਾਵੇ।