ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 5 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਦਿੱਲੀ ਦੇ ਗੈਰ-ਪੰਜਾਬੀਆਂ ਦਾ ਕਬਜ਼ਾ ਹੈ, ਜਿਹੜੇ ਬਿਨਾਂ ਕਿਸੇ ਸੰਵਿਧਾਨਕ ਅਹੁਦੇ ਦੀ ਸਹੁੰ ਚੁੱਕੇ ਸਰਕਾਰ ਨੂੰ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵਿੱਚ ਆਪਸੀ ਮਤਭੇਦ ਕਾਫ਼ੀ ਹਨ, ਜਿਸ ਕਾਰਨ ਇਹ ਸਰਕਾਰ ਸਾਲ ਦੇ ਅੰਦਰ ਡਿੱਗ ਜਾਵੇਗੀ। ਉਹ ਇੱਥੇ ਦਸਹਿਰੇ ਦੇ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦੀਵਾਨ ਹਾਲ ਵਿੱਚ ਧਾਰਮਿਕ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕਰ ਰਹੇ ਸਨ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਦੇ ਭਖਦੇ ਮਸਲਿਆਂ ਤੋਂ ਧਿਆਨ ਹਟਾਉਣ ਲਈ ਇਹ ਡਰਾਮਾ ਰਚਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਸਿੱਧੇ ਤੌਰ ’ਤੇ ਖਾਲਸਾ ਪੰਥ ਦੇ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕੀਤੀ ਹੈ। ਹੁਣ ਇਸ ਫੈਸਲੇ ਵਿਰੁੱਧ 7 ਅਕਤੂਬਰ ਨੂੰ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ ) ਤੋਂ, ਤਖਤ ਦਮਦਮਾ ਸਾਹਿਬ ਤੋਂ ਅਤੇ ਅੰਬਾਲਾ ਦੇ ਗੁਰਦੁਆਰਾ ਮੰਜੀ ਸਾਹਿਬ ਤੋਂ ਖਾਲਸਾ ਮਾਰਚ ਕੱਢੇ ਜਾਣੇ ਹਨ ਅਤੇ 3 ਵਜੇ ਅਕਾਲ ਤਖ਼ਤ ਵਿਖੇ ਇਸ ਧੱਕੇਸ਼ਾਹੀ ਵਿਰੁੱਧ ਅਰਦਾਸ ਕੀਤੀ ਜਾਵੇਗੀ।