ਖੇਤਰੀ ਪ੍ਰਤੀਨਿਧ
ਪਟਿਆਲਾ, 4 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਅੱਜ ਦੀ ਮੀਟਿੰਗ ਵਿਚ ਵੀ ਖੇਤੀ ਕਾਨੂੰਨ ਰੱਦ ਨਾ ਰੱਦ ਕਰਨ ਕਾਰਨ ਦੇਸ਼ ਦੇ ਜਮਹੂਰੀ ਢਾਂਚੇ ਨੂੰ ਵੱਡੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਜਤਾਏ ਖ਼ਦਸ਼ਿਆਂ ਮਗਰੋਂ 15 ਨੁਕਤਿਆਂ ਵਿੱਚੋਂ ਕੇਂਦਰ ਸਰਕਾਰ ਵੱਲੋਂ 10 ਨੁਕਤਿਆਂ ਨੂੰ ਸੋਧਣ ਲਈ ਤਿਆਰ ਹੋਣਾ ਸਪਸ਼ਟ ਕਰਦਾ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਅੰਦਰ ਗੰਭੀਰ ਖ਼ਾਮੀਆਂ ਮੰਨ ਚੁੱਕੀ ਹੈ। ਸਿਤਮ ਦੀ ਗੱਲ ਹੈ ਕਿ ਗਲਤੀਆਂ ਮੰਨਣ ਦੇ ਬਾਵਜੂਦ ਹਕੂਮਤ ਕਾਨੂੰਨ ਰੱਦ ਨਹੀਂ ਕਰ ਰਹੀ। ਸ੍ਰੀ ਢੀਂਡਸਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਨ ’ਤੇ ਤੁਲੀ ਹੋਈ ਹੈ।