ਮਨੋਜ ਸ਼ਰਮਾ
ਬਠਿੰਡਾ, 9 ਸਤੰਬਰ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਗੁਰਦੁਆਰਾ ਹਾਜੀ ਰਤਨ ਵਿਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਡੱਟ ਜਾਣ ਦਾ ਸੱਦਾ ਦਿੱਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ।
ਉਨ੍ਹਾਂ ਕਿਹਾ ਕਿ ਕਣਕ ਦੇ ਭਾਅ ’ਚ ਸਿਰਫ 40 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਡੀਜ਼ਲ, ਪੈਟਰੋਲ, ਖਾਦ ਦੇ ਰੇਟ ਅਸਮਾਨੀਂ ਚੜ੍ਹ ਗਏ ਹਨ ਪਰ ਕਣਕ ਦਾ ਭਾਅ ਲੋੜ ਅਨੁਸਾਰ ਨਹੀਂ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨ ਸੰਯੁਕਤ ਮੋਰਚੇ ਨਾਲ ਸਹਿਮਤ ਹੈ ਪਰ ਕਿਸਾਨੀ ਦੇ ਭੇਸ ’ਚ ਹੋਰ ਪਾਰਟੀਆਂ ਵੱਲੋਂ ਭੇਜੇ ਗਏ ਬੰਦੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਅਕਾਲੀ ਦਲ ਨੂੰ ਕਿਸਾਨਾਂ ਦੀ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਉਨ੍ਹਾਂ ਅਸਤੀਫਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਹਰ ਗੱਲ ਦਾ ਜਵਾਬ ਦੇਣ ਲਈ ਤਿਆਰ ਹਨ। ਬਠਿੰਡਾ ਵਿਚ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਧਾਰਮਿਕ ਗੁਟਕੇ ਦੀ ਸਹੁੰ ਖਾਣ ਵਾਲਿਆਂ ਦੀ ਸਰਕਾਰ ਦੇ ਹਲਕਾ ਇੰਚਾਰਜ ਸਰਕਾਰ ਦੇ ਮੰਤਰੀ ’ਤੇ ਦੋਸ਼ ਲਾ ਰਹੇ ਹਨ। ਉਨ੍ਹਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕਾਰਗੁਜ਼ਾਰੀ ਨੂੰ ਜ਼ੀਰੋ ਕਰਾਰ ਦਿੱਤਾ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਪ੍ਰਕਾਸ਼ ਸਿੰਘ ਭੱਟੀ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਸਮੇਤ ਹੋਰ ਆਗੂ ਹਾਜ਼ਰ ਸਨ।
ਸਰੂਪ ਸਿੰਗਲਾ ਦੇ ਹੱਕ ਵਿੱਚ ਡਟੀ ਹਰਸਿਮਰਤ
ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਹੱਕ ਵਿੱਚ ਇੱਕ ਵਾਰ ਫਿਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਡਟ ਕੇ ਖੜ੍ਹਦੇ ਹੋਏ ਨਜ਼ਰ ਆਏ। ਉਨ੍ਹਾਂ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਬਠਿੰਡਾ ਸੀਟ ਤੋਂ ਉਮੀਦਵਾਰ ਬਦਲਣ ਅਤੇ ਪਾਰਟੀ ਵੱਲੋਂ ਸਰਵੇ ਕਰਵਾਉਣ ਦੀਆਂ ਚੱਲ ਰਹੀਆਂ ਅਫਵਾਹਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਬਠਿੰਡਾ ਸ਼ਹਿਰੀ ਸੀਟ ਤੋਂ ਸਰੂਪ ਸਿੰਗਲਾ ਹੀ ਚੋਣ ਲੜਨਗੇ। ਉਨ੍ਹਾਂ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਹਿਣ ’ਤੇ ਹੀ ਕੀਤਾ ਗਿਆ ਸੀ।