ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਸਤੰਬਰ
ਕੇਂਦਰੀ ਵਜ਼ਾਰਤ ਵੱਲੋਂ ਅੱਜ ਕਣਕ ਦੇ ਸਮਰਥਨ ਮੁੱਲ ਵਿੱਚ 40 ਰੁਪਏ ਪ੍ਰਤੀ ਕੁਇੰਟਲ ਦੇ ਕੀਤੇ ਗਏ ਵਾਧੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਗੂਣਾ ਕਰਾਰ ਦਿੰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਮਲਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਸੜਕਾਂ ’ਤੇ ਉਤਰੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਨਾਮਾਤਰ ਵਾਧਾ ਕਰ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਉਨ੍ਹਾਂ ਨੇ ਕਣਕ ਦਾ ਸਮਰਥਨ ਮੁਲ 2830 ਪ੍ਰਤੀ ਕੁਇੰਟਲ ਰੁਪਏ ਤੈਅ ਕਰਨ ਦੀ ਮੰਗ ਕੀਤੀ ਜਦੋਂ ਕਿ ਕੇਂਦਰ ਨੇ ਕਣਕ ਦਾ ਸਮਰਥਨ ਮੁੱਲ 2015 ਰੁਪਏ ਐਲਾਨਿਆ ਹੈ।