ਖੇਤਰੀ ਪ੍ਰਤੀਨਿਧ
ਪਟਿਆਲਾ, 22 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖੇ ਜਾਣ ਦਾ ਸਵਾਗਤ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਰਾਹੀਂ ਬਡੂੰਗਰ ਨੇ ਕਿਹਾ ਕਿ ਇਸ ਸਬੰਧੀ ਕੇਂਦਰ ਨੂੰ ਤੁਰੰਤ ਮਨਜ਼ੂਰੀ ਦੇ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦੇ ਨਾਂ ਸਬੰਧੀ ਪੰਜਾਬ-ਹਰਿਆਣਾ ਵਿੱਚ ਕਈ ਸਾਲਾਂ ਤੋਂ ਵਿਵਾਦ ਚੱਲ ਰਿਹਾ ਸੀ। ਕੁਝ ਸਾਲ ਪਹਿਲਾਂ ਪੰਜਾਬ ਸਰਕਾਰ ਨੇ ਪਹਿਲੀ ਵਾਰ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਗੱਲ ਆਖੀ ਸੀ ਪਰ ਇਸ ਲਈ ਹਰਿਆਣਾ ਰਾਜ਼ੀ ਨਹੀਂ ਸੀ ਪਰ ਹੁਣ ਜੇ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਬਾਰੇ ਸਹਿਮਤੀ ਬਣ ਰਹੀ ਹੈ ਤਾਂ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਮਨਜ਼ੂਰੀ ਦੇ ਦੇਣੀ ਚਾਹੀਦੀ ਹੈ।