ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਜੂਨ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਪ੍ਰਤੀ ਅੜੀਅਲ ਵਤੀਰਾ ਛੱਡ ਕੇ ਕਿਸਾਨ ਮਸਲਿਆਂ ਦੇ ਸਥਾਈ ਹੱਲ ਲਈ ਕਿਸਾਨ ਆਗੂਆਂ ਦੀ ਤੁਰੰਤ ਮੀਟਿੰਗ ਸੱਦੇ। ਦਮਦਮੀ ਟਕਸਾਲ ਦੇ ਮੁਖੀ ਨੇ ਬਾਬਾ ਜਸਪਾਲ ਸਿੰਘ ਅਤੇ ਸਿੱਖ ਆਗੂ ਇਕਬਾਲ ਸਿੰਘ ਤੁੰਗ ਨਾਲ ਗੱਲਬਾਤ ਕਰਦਿਆਂ ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਗੁਰੂ ਗ੍ਰੰਥ ਸਾਹਿਬ ਦੀ ਸਹਿਜ ਪਾਠਾਂ ਦੀ ਲੜੀ ਆਰੰਭ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਪ੍ਰਤੀ ਕਿਸਾਨਾਂ ਦੀ ਮੰਗ ’ਤੇ ਕੇਂਦਰ ਸਰਕਾਰ ਵੱਲੋਂ ਸਾਰਥਕ ਹੁੰਗਾਰਾ ਨਹੀਂ ਭਰਿਆ ਜਾ ਰਿਹਾ। ਉਨ੍ਹਾਂ ਸਮਾਜ ਦੇ ਹਰੇਕ ਵਰਗ ਨੂੰ ਇਸ ਸੰਘਰਸ਼ ਵਿੱਚ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਗਾਂ ਦੀ ਪੂਰਤੀ ਲਈ ਦਮਦਮੀ ਟਕਸਾਲ ਕਿਸਾਨਾਂ ਨਾਲ ਖੜ੍ਹੀ ਹੈ।