ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਮਈ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਅੱਜ ਖਦਸ਼ਾ ਪ੍ਰਗਟਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਦੇਸ਼ ਵਿੱਚ ਦਿੱਤਾ ਗਿਆ ਘੱਟ ਗਿਣਤੀ ਦਾ ਦਰਜਾ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ 1947 ਤੋਂ ਦੇਸ਼ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਦਾ ਦਰਜਾ ਮਿਲਿਆ ਹੋਇਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਨੂੰ ਦੇਸ਼ ਵਿੱਚ ਮਿਲੇ ਘੱਟ ਗਿਣਤੀ ਦੇ ਦਰਜੇ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਜਸਥਾਨ ਦੇ ਗੰਗਾਨਗਰ ਇਲਾਕੇ ਵਿੱਚ ਨਗਰ ਕੀਰਤਨ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਾਉਣ ਦੇ ਦੋਸ਼ ਹੇਠ ਸਿੱਖ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਾਉਣ ਨੂੰ ਮੰਦਭਾਗਾ ਆਖਿਆ ਹੈ। ਉਨ੍ਹਾਂ ਕਿਹਾ ਕਿ ਉਥੋਂ ਦੇ ਇੱਕ ਸਾਧ ਵੱਲੋਂ ਪਹਿਲਾਂ ਵੀ ਅਜਿਹੇ ਕਈ ਮਾਮਲਿਆਂ ਵਿੱਚ ਸਿੱਖਾਂ ਖ਼ਿਲਾਫ਼ ਕੇਸ ਦਰਜ ਕਰਵਾਏ ਗਏ ਹਨ।