ਖੇਤਰੀ ਪ੍ਰਤੀਨਿਧ
ਪਟਿਆਲਾ, 20 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਘੋਲ ਦੇ ਹਮਾਇਤੀਆਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰੇ। ਆਪਣੀ ਪਟਿਆਲਾ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਸਾਨਾਂ ਦੇ ਸਬਰ ਅਤੇ ਜ਼ਾਬਤੇ ਦੀ ਸ਼ਲਾਘਾ ਕੀਤੀ। ਢੀਂਡਸਾ ਨੇ ਕਿਹਾ ਕਿ ਪੁਰਅਮਨ ਢੰਗ ਨਾਲ ਚੱਲ ਰਹੇ ਕਿਸਾਨੀ ਸੰਘਰਸ਼ ਨਾਲ ਭਾਈਚਾਰਕ ਸਾਂਝ ਵਧੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਸੰਘਰਸ਼ ਦੀ ਹਮਾਇਤ ਕਰ ਰਹੇ ਵੱਖ ਵੱਖ ਖੇਤਰਾਂ ਨਾਲ ਜੁੜੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਕਿਸਾਨਾਂ ਸਮੇਤ ਹੋਰਨਾਂ ਵਰਗ ਦੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਰਾਜ ਸਭਾ ਅੰਦਰ ਖੇਤੀ ਕਾਨੂੰਨਾਂ ਬਾਰੇ ਹੋਈ ਬਹਿਸ ਦਾ ਜ਼ਿਕਰ ਕਰਦਿਆਂ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਕਿਸਾਨ ਅੰਦੋਲਨ ਦਾ ਪੱਖ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੰਸਦ ਅੰਦਰ ਰੱਖਿਆ, ਜਿਸ ਦੀ ਦੁਨੀਆਂ ਭਰ ਵਿੱਚ ਚਰਚਾ ਵੀ ਹੋਈ। ਤੇਲ ਦੀਆਂ ਦਿਨੋ-ਦਿਨ ਵਧ ਰਹੀਆਂ ਕੀਮਤਾਂ ਸਬੰਧੀ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਸਰਕਾਰ ਦੀ ਆਪਣੇ ਖ਼ਜ਼ਾਨੇ ਭਰਨ ਦੀ ਨੀਤੀ ਤੇ ਪ੍ਰਕਿਰਿਆ ਲੋਕ ਵਿਰੋਧੀ ਹੈ। ਤੇਲ ਕੀਮਤਾਂ ਵਧਣ ਨਾਲ ਮਹਿੰਗਾਈ ਹੋਰ ਵਧੇਗੀ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਪਦਾਰਥਾਂ ’ਤੇ ਲਾਏ ਜਾਂਦੇ ਟੈਕਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਤਾਂ ਕਿ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਗੁਰਬਚਨ ਸਿੰਘ ਬਚੀ, ਰਣਧੀਰ ਰੱਖੜਾ, ਰਣਧੀਰ ਸਮੂਰਾਂ ਅਤੇ ਸਤਗੁਰ ਨਮੋਲ ਵੀ ਹਾਜ਼ਰ ਸਨ।