ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਪਰੈਲ
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਲਾਵਾਰਸ ਪਸ਼ੂਆਂ ਦੀ ਸਾਂਭ-ਸੰਭਾਲ ਲਈ 500 ਕਰੋੜ ਦੇ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਵਿੱਚ ਲਾਵਾਰਸ ਪਸ਼ੂਆਂ ਦੀ ਸਥਿਤੀ ਤੋਂ ਜਾਣੂ ਕਰਾਉਂਦਿਆਂ ਕਿਹਾ ਕਿ ਕੇਂਦਰੀ ਮਦਦ ਨਾਲ ਇਨ੍ਹਾਂ ਪਸ਼ੂਆਂ ਦੀ ਸਾਂਭ-ਸੰਭਾਲ ਦੇ ਪ੍ਰਬੰਧ ਹੋਰ ਬਿਹਤਰ ਹੋ ਸਕਦੇ ਹਨ।
ਕੇਂਦਰ ਸਰਕਾਰ ਵੱਲੋਂ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿੱਚ ‘ਆਤਮ ਨਿਰਭਰ ਭਾਰਤ’ ਤਹਿਤ ਕਰਵਾਈ ਗਈ ਕੌਮੀ ਸਮਰ ਮੀਟ ਵਿੱਚ ਪੰਜਾਬ ਤਰਫ਼ੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਮੂਲੀਅਤ ਕੀਤੀ। ਇਸ ਕੌਮੀ ਸਮਰ ਮੀਟ ਵਿੱਚ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੁਰਸ਼ੋਤਮ ਰੁਪਾਲਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 1.40 ਲੱਖ ਪਸ਼ੂ ਲਾਵਾਰਸ ਘੁੰਮ ਰਹੇ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਲਈ ਸ਼ੈੱਡ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਮਦਦ ਲੋੜੀਂਦੀ ਹੈ। ਕੈਬਨਿਟ ਮੰਤਰੀ ਨੇ ਕੇਂਦਰ ਸਰਕਾਰ ਨੂੰ ਇਹ ਰਾਸ਼ੀ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਸਾਲਾਨਾ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਰੱਖੀ। ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਾਉਣ ਲਈ ਵਿਚਾਰ-ਚਰਚਾ ਹੋਈ। ਕੇਂਦਰ ਨੇ ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਰੋਡ ਮੈਪ ਤਿਆਰ ਕਰਨ ਦੀ ਗੱਲ ਵੀ ਰੱਖੀ। ਇਸ ਮੀਟ ਵਿੱਚ ਪੰਜਾਬ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਭਾਗ ਲਿਆ।