ਕਰਮਜੀਤ ਸਿੰਘ ਚਿੱਲਾ
ਬਨੂੜ, 5 ਅਗਸਤ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਈਡੀ ਨੂੰ ਕੱਪੜੇ ਧੋਣ ਦੀ ਮਸ਼ੀਨ ਵਾਂਗੂ ਵਰਤ ਰਹੀ ਹੈ। ਬਾਜਵਾ ਨੇ ਕਿਹਾ ਕਿ ਹਰਿਆਣਾ ਦੇ ਆਗੂ ਕੁਲਦੀਪ ਬਿਸ਼ਨੋਈ ਅਤੇ ਉਨ੍ਹਾਂ ਦੀ ਪਤਨੀ ਈਡੀ ਦੀ ਪੜਤਾਲ ਦੇ ਘੇਰੇ ਵਿਚ ਸਨ ਪਰ ਹੁਣ ਉਨ੍ਹਾਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੇ ਭਾਜਪਾ ਵਿੱਚ ਸ਼ਾਮਲ ਕਰ ਲਿਆ ਹੈ। ਹੁਣ ਉਨ੍ਹਾਂ ਖ਼ਿਲਾਫ਼ ਈਡੀ ਦੀ ਕਾਰਵਾਈ ਵੀ ਠੱਪ ਹੋ ਜਾਵੇਗੀ। ਕਾਂਗਰਸ ਆਗੂ ਨੇ ਕਿਹਾ ਕਿ ਜਿਨ੍ਹਾਂ ਖ਼ਿਲਾਫ਼ ਈਡੀ ਨੇ ਕੇਸ ਦਰਜ ਕੀਤੇ ਹਨ, ਉਨ੍ਹਾਂ ਦੀ ਸ਼ਖ਼ਸੀਅਤ ਮਗਰੋਂ ਇਸ ਤਰ੍ਹਾਂ ਪਾਕ-ਸਾਫ਼ ਹੋ ਜਾਂਦੀ ਹੈ, ਜਿਵੇਂ ਕੱਪੜੇ ਧੋਣ ਵਾਲੀ ਮਸ਼ੀਨ ਵਿੱਚ ਪੈ ਕੇ ਕੱਪੜੇ ਸਾਫ਼ ਹੁੰਦੇ ਹਨ। ਉਹ ਅੱਜ ਬਨੂੜ ਨਾਲ ਸਬੰਧਤ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਲਈ ਆਏ ਸਨ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਅਗਲੇ ਅੱਠ-ਨੌਂ ਮਹੀਨਿਆਂ ਤੋਂ ਬਾਅਦ ਮੁੱਖ ਮੰਤਰੀ ਨਹੀਂ ਰਹਿਣਗੇ ਤੇ ਕੇਜਰੀਵਾਲ ਨੇ ਰਾਘਵ ਚੱਢਾ ਰਾਹੀਂ ਪੰਜਾਬ ਦਾ ਕੰਟਰੋਲ ਆਪਣੇ ਹੱਥ ਵਿਚ ਕਰ ਲਿਆ ਹੈ। ਉਨ੍ਹਾਂ ‘ਆਪ’ ਵਿਧਾਇਕਾਂ ਤੇ ਮੰਤਰੀਆਂ ਦੀ ਕਾਰਜਸ਼ੈਲੀ ਨੂੰ ਗੈਰ-ਸੰਵਿਧਾਨਿਕ ਦੱਸਿਆ।
ਝੀਲ ’ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਵੱਧ ਮੁਆਵਜ਼ਾ ਦੇਵੇ ਪੰਜਾਬ ਸਰਕਾਰ
ਪ੍ਰਤਾਪ ਸਿੰਘ ਬਾਜਵਾ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਬਨੂੜ ਦੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਲਈ ਐਲਾਨੀ ਇੱਕ ਲੱਖ ਰੁਪਏ ਪ੍ਰਤੀ ਜੀਅ ਮੁਆਵਜ਼ੇ ਦੀ ਰਾਸ਼ੀ ਨੂੰ ਨਿਗੂਣੀ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਹਿਮਾਚਲ ਨੇ ਚਾਰ ਲੱਖ ਦੀ ਰਾਸ਼ੀ ਐਲਾਨੀ ਹੈ ਤਾਂ ਪੰਜਾਬ ਸਰਕਾਰ ਨੂੰ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਅਤੇ ਇੱਕ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।