ਮਹਿੰਦਰ ਸਿੰਘ ਰੱਤੀਆਂ
ਮੋਗਾ, 25 ਅਪਰੈਲ
ਇਥੇ ਕਿਸਾਨਾਂ ਨਾਲ ਦਿੱਲੀ ਸੰਘਰਸ਼ ਦੀ ਮਜ਼ਬੂਤੀ ਲਈ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ ਵਾਢੀ ਦਾ ਕੰਮ ਖ਼ਤਮ ਹੁੰਦਿਆਂ ਹੀ ਕਿਸਾਨ ਦਿੱਲੀ ਪੁੱਜ ਜਾਣਗੇ। ਆਗੂਆਂ ਨੇ ਕਿਹਾ ਕਿ ਸਰਕਾਰ ਕਰੋਨਾ ਦੀ ਆੜ ਹੇਠ ਸੰਘਰਸ਼ ਖਦੇੜਨਾ ਚਾਹੁੰਦੀ ਹੈ ਪਰ ਕਿਸਾਨ ਮੋਰਚਾ ਜਿੱਤ ਕੇ ਹੀ ਘਰਾਂ ਨੂੰ ਮੁੜਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਕ ਪਾਸੇ ਤਾਂ ਦੇਸ਼ ਵਿੱਚ ਕਰੋਨਾ ਦੇ ਨਾਂ ’ਤੇ ਲੌਕਡਾਊਨ ਵਰਗੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਬੰਗਾਲ ਸਮੇਤ ਹੋਰ ਸੂਬਿਆਂ ਵਿੱਚ ਹੋ ਰਹੀਆਂ ਚੋਣਾਂ ਦੀ ਤਿਆਰੀ ਵਜੋਂ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੋਨਾ ਹਦਾਇਤਾਂ ਦੀ ਉਲੰਘਣਾ ਕਰਦਿਆਂ ਰੈਲੀਆਂ ਨੂੰ ਸੰਬੋਧਨ ਕਰਕੇ ਸ਼ਾਮ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਦੀਆਂ ਗੱਲਾਂ ਕਰਕੇ ਘਟੀਆ ਸਿਆਸਤ ਕਰ ਰਹੇ ਹਨ।
ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਸੰਸਦ ਵੱਲ ਮਾਰਚ ਇਸ ਲਈ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਮੋਦੀ ਸਰਕਾਰ ਦਿੱਲੀ ਮੋਰਚਿਆਂ ਨੂੰ ਢਾਹ ਲਾਉਣ ਦੇ ਬਹਾਨੇ ਲੱਭ ਰਹੀ ਹੈ। ਇਹ ਬਹਾਨਾ ਕਰੋਨਾ ਲਾਗ ਦੇ ਫ਼ੈਲਣ ਦਾ ਵੀ ਹੋ ਸਕਦਾ ਹੈ ਤੇ ਸ਼ਾਤਮਈ ਸੰਘਰਸ਼ ਨੂੰ ਹਿੰਸਕ ਰੰਗਤ ਦੇਣ ਰਾਹੀਂ ਵੀ ਬਣਾਇਆ ਜਾ ਸਕਦਾ ਹੈ ਪਰ ਸਰਕਾਰ ਦੇ ਮਨਸੂਬਿਆਂ ਨੂੰ ਕਦੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਫੌਜੀ, ਆਤਮਾ ਸਿੰਘ ,ਚਮਕੌਰ ਸਿੰਘ ਸੱਦਾ ਸਿੰਘ ਵਾਲਾ, ਤਾਰਾ ਸਿੰਘ ਡਗਰੂ, ਗੁਰਮੇਲ ਸਿੰਘ, ਜਸਵੰਤ ਸਿੰਘ ਮੰਗੇਵਾਲਾ, ਅਜਮੇਰ ਸਿੰਘ ਮੰਗਾ ਤੇ ਰਾਜਵਿੰਦਰ ਸਿੰਘ ਮੰਗਾ ਮੌਜੂਦ ਸਨ।