ਹੜ੍ਹ ਪੀੜਤਾਂ ਦੀ ਮਦਦ ਲਈ ਸਹਿਯੋਗ ਦੇਵੇਗਾ ਕੇਂਦਰ: ਸੰਜੈ ਸੇਠ
ਜਸਪਾਲ ਸਿੰਘ ਸੰਧੂ
ਕੇਂਦਰੀ ਰੱਖਿਆ ਰਾਜ ਮੰਤਰੀ ਸੰਜੈ ਸੇਠ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ, ਲੋਕਾਂ ਦੇ ਮੁੜ ਵਸੇਬੇ ਤੇ ਬੁਨਿਆਦੀ ਢਾਂਚੇ ਦੀ ਉਸਾਰੀ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ ਸਿੱਧੂ, ਸਾਬਕਾ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਰਾਣਾ ਸੋਢੀ ਵੀ ਹਾਜ਼ਰ ਸਨ। ਕੇਂਦਰੀ ਰੱਖਿਆ ਰਾਜ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੀ ਜਾਣਕਾਰੀ ਲਈ। ਉਨ੍ਹਾਂ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਬਾਰੇ ਹੋ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਤੁਰੰਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁੜ ਵਸੇਬੇ, ਰਾਹਤ ਕਾਰਜਾਂ, ਬੁਨਿਆਦੀ ਢਾਂਚੇ ਦੀ ਮੁੜ ਉਸਾਰੀ, ਹੜ੍ਹ ਪੀੜਤਾਂ ਨੂੰ ਨੁਕਸਾਨ ਦੇ ਮੁਆਵਜ਼ੇ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਸੂਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਸਿਰਮੌਰ ਸੂਬਾ ਹੈ, ਜੋ ਹਰ ਮੁਸ਼ਕਲ ਸਮੇਂ ਦੇਸ਼ ਨਾਲ ਖੜ੍ਹਾ ਹੁੰਦਾ ਹੈ ਤੇ ਅੱਜ ਪੰਜਾਬ ਵੱਡੀ ਕੁਦਰਤੀ ਮਾਰ ਹੇਠ ਆਇਆ ਹੈ ਤੇ ਇਸ ਮੁਸ਼ਕਲ ਦੀ ਸਥਿਤੀ ਵਿੱਚ ਪੂਰਾ ਦੇਸ਼ ਮਦਦ ਲਈ ਪੰਜਾਬ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਪਹੁੰਚਾਈ ਜਾ ਰਹੀ ਹੈ। ਕੇਂਦਰੀ ਮੰਤਰੀਆਂ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਖੇਤਰਾਂ ਦੇ ਦੌਰੇ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 1600 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।