ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 20 ਜੁਲਾਈ
ਮੰਤਰੀ ਬਣਨ ਮਗਰੋਂ ਅੱਜ ਪਹਿਲੀ ਵਾਰ ਬਰਨਾਲਾ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਾਤਾਵਰਨ, ਵਿਗਿਆਨ ਅਤੇ ਤਕਨਾਲੋਜੀ, ਖੇਡਾਂ ਅਤੇ ਯੁਵਕ ਸੇਵਾਵਾਂ, ਉਚੇਰੀ ਸਿੱਖਿਆ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਤੀ ਸੂਬਾ ਪ੍ਰਧਾਨ ਹੋਣ ਦੇ ਬਾਵਜੂਦ ਪੰਜਾਬ ਨੂੰ ਐੱਮਐੱਸਪੀ ਕਮੇਟੀ ’ਚ ਸ਼ਾਮਲ ਨਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦਾ ਪੰਜਾਬੀ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਅਤੇ ਸਰਕਾਰ ਵੱਲੋਂ ਬਣਾਈ ਗਈ ਇਹ ਕਮੇਟੀ ਕਿਸਾਨ ਵਿਰੋਧੀ ਹੈ, ਜਿਸ ਤੋਂ ਪੰਜਾਬ ਦੇ ਭਲੇ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ।
ਮੀਤ ਹੇਅਰ ਨੇ ਜ਼ਮੀਨਦੋਜ਼ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਉਂਦੇ ਸਾਲਾਂ ’ਚ ਇਹ ਸਥਿਤੀ ਬਦਲ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਅਤੇ ਛੱਤਾਂ ’ਤੇ ਮੀਂਹ ਦੇ ਪਾਣੀ ਨੂੰ ਇਕੱਠਾ ਕਰਕੇ ਜ਼ਮੀਨ ’ਚ ਰੀਚਾਰਜ ਕਰਨ ਸਬੰਧੀ ਢਾਂਚੇ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵੈਟਲੈਂਡ ਲਈ ਪਿੰਡ ਬਡਬਰ ਵਿੱਚ 100 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਹਰ ਖੇਡ ਨਾਲ ਸਬੰਧਤ ਆਧੁਨਿਕ ਮੈਦਾਨ ਤਿਆਰ ਕੀਤੇ ਜਾਣਗੇ ਅਤੇ ਹਰ ਪਿੰਡ ਵਿੱਚ ਵਧੀਆ ਪਾਰਕ ਬਣਾਏ ਜਾਣਗੇ ਤਾਂ ਜੋ ਨੌਜਵਾਨ ਪੀੜੀ ਦਾ ਰੁਝਾਨ ਖੇਡਾਂ ਵੱਲ ਹੋ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਿਆਂ ਤੋਂ ਛੁਟਕਾਰੇ ਲਈ ਲੋਕ ਲਹਿਰ ਉਸਾਰੀ ਦਾ ਸੱਦਾ ਦਿੰਦਿਆਂ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਮੰਤਰੀ ਦੇ ਓਐੱਸਡੀ ਹਸਨਪ੍ਰੀਤ ਭਾਰਦਵਾਜ, ਕਲੱਬ ਦੇ ਸਕੱਤਰ ਡਾ. ਰਮਨਦੀਪ ਸਿੰਘ, ਹਰਿੰਦਰ ਵਾਲੀਆ, ਕੌਂਸਲਰ ਬੰਟੀ ਅਤੇ ਸਾਂਝਾ ਆਸਰਾ ਟਰੱਸਟ ਦੇ ਪ੍ਰਧਾਨ ਕ੍ਰਿਸ਼ਨ ਬਿੱਟੂ ਵੀ ਮੌਜੂਦ ਸਨ।