ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰ ਤੇ ਸੂਬਾ ਸਰਕਾਰ ਨੇ ਪੰਜਾਬ ਨੂੰ ਵਿਸਾਰਿਆ: ਭੂਪੇਸ਼ ਬਘੇਲ

ਪੰਜਾਬ ਕਾਂਗਰਸ ਦੇ ਇੰਚਾਰਜ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ; ਪੰਜਾਬੀਆਂ ਵੱਲੋਂ ਆਪ-ਮੁਹਾਰੇ ਮਦਦ ਕਰਨ ਦੇ ਜਜ਼ਬੇ ਦੀ ਸ਼ਲਾਘਾ ਕੀਤੀ
ਡੇਰਾ ਬਾਬਾ ਨਾਨਕ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਭੂਪੇਸ਼ ਬਘੇਲ, ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ।
Advertisement

ਰਾਜਨ ਮਾਨ

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਹੜ੍ਹਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੁੱਖ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਮਿਲ ਕੇ ਪੰਜਾਬ ਨੂੰ ਡੋਬਿਆ ਹੈ।

Advertisement

ਪਿੰਡ ਘੋਨੇਵਾਲ ਵਿੱਚ ਟੁੱਟੇ ਧੁੱਸੀ ਬੰਨ੍ਹ ਦਾ ਦੌਰਾ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਲਈ ਅੱਜ ਤੱਕ ਕੋਈ ਸਹਾਇਤਾ ਰਕਮ ਦਾ ਐਲਾਨ ਨਹੀਂ ਕੀਤਾ। ਅਫ਼ਸੋਸ ਦੀ ਗੱਲ ਹੈ ਕਿ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਆਪਣੇ ਦੌਰੇ ਦੌਰਾਨ ਕੋਈ ਮਦਦ ਨਹੀਂ ਕਰ ਕੇ ਗਏ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਪੰਜਾਬ ਨੂੰ ਉਸ ਦੇ ਹਾਲਾਤ ਉੱਪਰ ਛੱਡ ਦਿੱਤਾ ਹੈ। ਪੰਜਾਬ ਦੇ ਲੋਕ ਤਕੜੇ ਹਨ, ਜੋ ਸਰਕਾਰੀ ਮਦਦ ਦੀ ਉਡੀਕ ਦੀ ਥਾਂ ਖ਼ੁਦ ਹੀ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਹੜ੍ਹਾਂ ਦੀ ਜਾਂਚ ਅਤੇ ਇਸ ਲਈ ਦੋਸ਼ੀਆਂ ਦੀ ਜਾਂਚ ਦੀ ਮੰਗ ਕਰੇਗੀ। ਸ੍ਰੀ ਬਘੇਲ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ, ਆਮ ਲੋਕ ਅਤੇ ਕਾਰ ਸੇਵਾ ਵਾਲੇ ਮਹਾਪੁਰਖਾਂ ਵੱਲੋਂ ਕੀਤੀ ਜਾ ਰਹੀ ਹੜ੍ਹ ਪੀੜਤਾਂ ਦੀ ਮਦਦ ਸ਼ਲਾਘਾਯੋਗ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਓਪੀ ਸੋਨੀ, ਭਗਵੰਤ ਪਾਲ ਸਿੰਘ ਸੱਚਰ, ਹਰਪ੍ਰਤਾਪ ਸਿੰਘ ਅਜਨਾਲਾ, ਡਾ. ਰਾਜ ਕੁਮਾਰ ਆਦਿ ਹਾਜ਼ਰ ਸਨ।

ਡੇਰਾ ਬਾਬਾ ਨਾਨਕ (ਦਲਬੀਰ ਸੱਖੋਵਾਲੀਆ): ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਅੱਜ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਆਖਿਆ ਕਿ ਹੜ੍ਹ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਆਇਆ ਹੈ। ਉਨ੍ਹਾਂ ਹੜ੍ਹਾਂ ’ਚ ਪੰਜਾਬੀਆਂ ਵੱਲੋਂ ਆਪ ਮੁਹਾਰੇ ਮਦਦ ਕਰਨ ਦੇ ਜਜ਼ਬੇ ਨੂੰ ਸਲਾਮ ਕਰਦਿਆਂ ਦੱਸਿਆ ਕਿ ਇਹ ਸਿਰਫ਼ ਪੰਜਾਬ ’ਚ ਹੀ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ।

ਸ੍ਰੀ ਬਘੇਲ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲ ਕਰਦਿਆਂ ਹੜ੍ਹਾਂ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਇਸ ਦੌਰਾਨ ਸ੍ਰੀ ਬਘੇਲ ਨੇ ਸ੍ਰੀ ਕਰਤਾਰਪੁਰ ਕੌਰੀਡੋਰ ਪਹੁੰਚ ਕੇ ਟੁੱਟੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਬਘੇਲ ਅਤੇ ਸ੍ਰੀ ਰੰਧਾਵਾ ਨੇ ਸਾਂਝੇ ਰੂਪ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਨੌਂ ਸਤੰਬਰ ਨੂੰ ਡੇਰਾ ਬਾਬਾ ਨਾਨਕ ਅਤੇ ਗੁਰਦਾਸਪੁਰ ਦਾ ਦੌਰਾ ਕਰਨ ਦੀ ਥਾਂ ਇਹ ਦੌਰਾ ਅੱਗੇ ਜਾਂ ਪਿੱਛੇ ਕਰ ਲੈਣ ਕਿਉਂਕਿ ਨੌਂ ਸਤੰਬਰ ਨੂੰ ਉਪ ਰਾਸ਼ਟਰਪਤੀ ਦੀ ਚੋਣ ਹੋਣੀ ਹੈ। ਇਸ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸੰਸਦ ਮੈਂਬਰ ਅਤੇ ਵਿਧਾਇਕ ਆਪੋ-ਆਪਣੀ ਵੋਟ ਪਾਉਣ ’ਚ ਰੁੱਝੇ ਹੋਣਗੇ। ਇਸ ਦੌਰਾਨ ਸ੍ਰੀ ਵੜਿੰਗ ਅਤੇ ਸ੍ਰੀ ਰੰਧਾਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਲਈ ਵੱਡਾ ਰਾਹਤ ਪੈਕੇਜ ਦੇਣ।

ਹੜ੍ਹ ਪੀੜਤਾਂ ਨੂੰ ਢੁੱਕਵਾਂ ਰਾਹਤ ਪੈਕੇਜ ਦੇਣ ਪ੍ਰਧਾਨ ਮੰਤਰੀ: ਵੜਿੰਗ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪ੍ਰਸਤਾਵਿਤ ਦੌਰੇ ਬਾਰੇ ਕਿਹਾ ਕਿ ਆਸ ਹੈ ਕਿ ਸ੍ਰੀ ਮੋਦੀ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਢੁੱਕਵਾਂ ਅਤੇ ਵਿਆਪਕ ਰਾਹਤ ਪੈਕੇਜ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਸੂਬੇ ਵਿੱਚ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਰਾਹਤ ਪੈਕੇਜ ਦੇਣ।

Advertisement
Show comments