ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਨਵੰਬਰ
ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਕਿਸਾਨਾਂ ਨਾਲ ਸੂਬੇ ਅਤੇ ਕੇਂਦਰ ਦੋਵਾਂ ਸਰਕਾਰਾਂ ਵੱਲੋਂ ਧੋਖਾ ਕੀਤਾ ਗਿਆ ਹੈ, ਜਿਸ ਦੇ ਸਿੱਟੇ ਵਜੋਂ ਕਿਸਾਨਾਂ ਦੀ ਮੰਦੀ ਹਾਲਤ ਹੈ। ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਦਾ ਕਿਸਾਨ ਜੋ ਦੇਸ਼ ਵਾਸੀਆਂ ਦਾ ਪੇਟ ਭਰ ਰਿਹਾ ਹੈ, ਉਸ ਦਾ ਦੋਹਰਾ ਨੁਕਸਾਨ ਹੋਇਆ ਹੈ। ਖੇਤੀ ਵਿਰੋਧੀ ਨੀਤੀਆਂ ਕਾਰਨ ਕਿਸਾਨ ਕਰਜ਼ਾ ਦੇ ਭਾਰ ਹੇਠਾਂ ਦਬ ਗਏ ਹਨ। ਦੂਜੇ ਪਾਸੇ ਸਿਆਸੀ ਆਗੂਆਂ ਵਿੱਚ ਦੂਰ ਅੰਦੇਸ਼ੀ ਦੀ ਘਾਟ ਕਾਰਨ ਪੰਜਾਬ ਵਿੱਚ ਕਿਸਾਨ ਆਪਣੀ ਜ਼ਮੀਨ, ਆਬੋ-ਹਵਾ ਅਤੇ ਪਾਣੀ ਲੁਟਾ ਬੈਠੇ ਹਨ, ਜਿਸਦਾ ਸਿੱਟਾ ਹੈ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਕਿਸਾਨ ਅਤੇ ਮਜ਼ਦੂਰ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ, ਇਸ ਲਈ ਹੁਣ ਤੱਕ ਰਾਜ ਕਰਨ ਵਾਲੀਆਂ ਸਰਕਾਰਾਂ ਕਾਂਗਰਸ ਅਤੇ ਅਕਾਲੀ ਭਾਜਪਾ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 2017 ਦੀਆਂ ਚੋਣਾਂ ਵੇਲੇ ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਕਾਂਗਰਸ ਸਰਕਾਰ ਨੇ ਹੁਣ ਤੱਕ ਸਮੁੱਚੇ ਕਰਜ਼ੇ ਮੁਆਫ਼ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਚਾਹੁੰਦੇ ਹਨ ਤਾਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਚੰਨੀ ਸਰਕਾਰ ਸਿਰਫ਼ ਖੋਖਲੇ ਐਲਾਨ ਕਰ ਰਹੀ ਹੈ, ਜੋ ਕਿ ਚੋਣ ਸਟੰਟ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੀਵਨ ਜੋਤ ਕੌਰ, ਇਕਬਾਲ ਸਿੰਘ ਭੁੱਲਰ, ਡਾ ਇੰਦਰਬੀਰ ਸਿੰਘ ਨਿੱਜਰ, ਪ੍ਰਭਬੀਰ ਸਿੰਘ ਬਰਾੜ ਤੇ ਹੋਰ ਹਾਜ਼ਰ ਸਨ।