ਮੰਦਰਾਂ ਦੀ ਸੁਰੱਖਿਆ ਲਈ ਕੇਂਦਰੀ ਫੋਰਸਾਂ ਤਾਇਨਾਤ ਕੀਤੀਆਂ ਜਾਣ : ਭਾਜਪਾ ਆਗੂ
ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਰਾਂ ਨੇ ਪੰਜਾਬ ਦੇ ਪ੍ਰਮੁੱਖ ਮੰਦਰਾਂ ਅਤੇ ਗੁਰਦੁਆਰਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੰਦਰ ਮਾਈਸਰਖਾਨਾ, ਦੇਵੀ ਤਲਾਬ ਮੰਦਰ, ਕਾਲੀ ਮਾਤਾ ਮੰਦਰ, ਦੁਰਗਿਆਣਾ ਮੰਦਰ ਅਤੇ...
ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਰਾਂ ਨੇ ਪੰਜਾਬ ਦੇ ਪ੍ਰਮੁੱਖ ਮੰਦਰਾਂ ਅਤੇ ਗੁਰਦੁਆਰਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੰਦਰ ਮਾਈਸਰਖਾਨਾ, ਦੇਵੀ ਤਲਾਬ ਮੰਦਰ, ਕਾਲੀ ਮਾਤਾ ਮੰਦਰ, ਦੁਰਗਿਆਣਾ ਮੰਦਰ ਅਤੇ ਮੁਕਤੇਸ਼ਵਰ ਮੰਦਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦੇ ਮਾਮਲੇ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸੁਰੱਖਿਆ ਚੁਣੌਤੀਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕਰਨੇ ਚਾਹੀਦੇ ਹਨ।
ਸੁਖਪਾਲ ਸਰਾਂ ਨੇ ਮੰਗ ਕੀਤੀ ਕਿ ਸੰਵੇਦਨਸ਼ੀਲ ਧਾਰਮਿਕ ਸਥਾਨਾਂ 'ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ, ਤਾਂ ਜੋ ਕਿਸੇ ਵੀ ਅਸਮਾਜਿਕ ਅਨਸਰ, ਅਤਿਵਾਦੀ ਸੰਗਠਨ ਜਾਂ ਸ਼ਰਾਰਤੀ ਤੱਤ ਵੱਲੋਂ ਪੰਜਾਬ ਦੀ ਭਾਈਚਾਰਕ ਸਾਂਝ ਤੇ ਸ਼ਾਂਤੀਪੂਰਨ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਵੀ ਅਤਿਵਾਦ ਅਤੇ ਨਸ਼ਿਆਂ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਚੁੱਕਾ ਹੈ। ਅਜਿਹੇ ਹਾਲਾਤ ਵਿੱਚ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਕਿ ਸੂਬੇ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਦਭਾਵਨਾ ਅਤੇ ਧਾਰਮਿਕ ਏਕਤਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਸਥਾਨ 'ਤੇ ਹਮਲਾ ਸਿਰਫ਼ ਇੱਕ ਭਾਈਚਾਰੇ 'ਤੇ ਨਹੀਂ, ਸਗੋਂ ਪੂਰੇ ਸਮਾਜ ਦੀ ਏਕਤਾ ਅਤੇ ਅਖੰਡਤਾ 'ਤੇ ਹਮਲਾ ਮੰਨਿਆ ਜਾਣਾ ਚਾਹੀਦਾ ਹੈ।
ਭਾਜਪਾ ਆਗੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਿਵਸਥਾ ਦੀ ਉੱਚ-ਪੱਧਰੀ ਸਮੀਖਿਆ ਕਰਕੇ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ ਅਤੇ ਸੂਬੇ ਦੇ ਲੋਕਾਂ ਵਿੱਚ ਸੁਰੱਖਿਆ ਤੇ ਭਰੋਸੇ ਦਾ ਮਾਹੌਲ ਕਾਇਮ ਕੀਤਾ ਜਾਵੇ।
