ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੁਲਾਈ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੱਤਾ ਦੇ ਲਾਲਚ ਵਿੱਚ ਆਪਣੀਆਂ ਵਿਰੋਧੀ ਪਾਰਟੀਆਂ ਦੀਆਂ ਰਾਜ ਸਰਕਾਰਾਂ ਨੂੰ ਧਨ ਬਲ ਨਾਲ ਅਸਥਿਰ ਕਰਕੇ ਜਮਹੂਰੀਅਤ ਦੀ ਹੱਤਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗੋਆ ਤੇ ਮੱਧ ਪ੍ਰਦੇਸ਼ ਅਤੇ ਹੁਣ ਰਾਜਸਥਾਨ ਵਿਚ ਭਾਜਪਾ ਨੇ ਜਿਸ ਤਰੀਕੇ ਜਮਹੂਰੀਅਤ ਦਾ ਘਾਣ ਕੀਤਾ ਹੈ, ਉਹ ਸਾਡੇ ਦੇਸ਼ ਦੇ ਸੰਘੀ ਢਾਂਚੇ ਲਈ ਖਤਰਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਦੀ ਇਸ ਧੱਕੇਸ਼ਾਹੀ ਖਿਲਾਫ਼ ਚੁੱਪ ਨਹੀਂ ਬੈਠੇਗੀ। ਉਨ੍ਹਾਂ ਸਮੂਹ ਪਾਰਟੀ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਭਾਜਪਾ ਦੀ ਜਮਹੂਰੀਅਤ ਵਿਰੋਧੀ ਸੋਚ ਖਿਲਾਫ਼ ਸੋਸ਼ਲ ਮੀਡੀਆ ’ਤੇ ਆਪਣੇ ਵੀਡੀਓ ਸ਼ੇਅਰ ਕਰਨ ਤਾਂ ਜੋ ਲੋਕਾਂ ਨੂੰ ਸੱਚ ਤੋਂ ਜਾਣੂ ਕਰਵਾਇਆ ਜਾ ਸਕੇ।
ਜਾਖੜ ਨੇ ਕਿਹਾ ਕਿ ਭਾਜਪਾ ਨੂੰ ਨਾ ਤਾਂ ਸੰਵਿਧਾਨ ਦੀ ਪਰਵਾਹ ਹੈ ਅਤੇ ਨਾ ਹੀ ਦੇਸ਼ ਦੀਆਂ ਉੱਚ ਜਮਹੂਰੀ ਕਦਰਾਂ ਕੀਮਤਾਂ ਦੀ ਕੋਈ ਫ਼ਿਕਰ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਦੀ ਗਹਿਲੋਤ ਸਰਕਾਰ ਕੋਵਿਡ ਸੰਕਟ ਮੌਕੇ ਬਹੁਤ ਵਧੀਆ ਕੰਮ ਕਰ ਰਹੀ ਹੈ, ਪਰ ਕੇਂਦਰ ਸਰਕਾਰ ਅਤੇ ਭਾਜਪਾ ਆਗੂ ਵਿਧਾਇਕਾਂ ਦੀ ਖਰੀਦੋ ਫਰੋਖਤ ਤੇ ਰਾਜਪਾਲ ਦੇ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਕਰਕੇ ਇਕ ਚੁਣੀ ਹੋਈ ਸਰਕਾਰ ਨੂੰ ਡੇਗਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਕਲਰਾਜ ਮਿਸ਼ਰਾ ਵੱਲੋਂ ਸੰਵਿਧਾਨਕ ਮਰਿਆਦਾ ਦਾ ਉਲੰਘਣ ਕਰਕੇ ਵਿਧਾਨ ਸਭਾ ਦਾ ਸੈਸ਼ਨ ਨਾ ਸੱਦੇ ਜਾਣ ਤੋਂ ਸਪੱਸ਼ਟ ਹੈ ਕਿ ਰਾਜਪਾਲ ਕੇਂਦਰ ਸਰਕਾਰ ਦੀ ਸ਼ਹਿ ’ਤੇ ਜਮਹੂਰੀਅਤ ਨੂੰ ਨਜ਼ਰਅੰਦਾਜ਼ ਕਰ ਰਹੇ ਹਨ।