ਗੁਰੂਘਰ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਹਰ ਮਦਦ ਲਈ ਤਿਆਰ: ਸ਼ਰਮਾ
ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਆਖਿਆ ਕਿ ਗੁਰੂਘਰ ਦੀ ਸੁਰੱਖਿਆ ਲਈ ਕੇਂਦਰ ਦੀ ਮੋਦੀ ਸਰਕਾਰ ਹਰ ਤਰ੍ਹਾਂ ਦੀ ਸੁਰੱਖਿਆ ਤੇ ਮਦਦ ਦੇਣ ਲਈ ਤਿਆਰ ਹੈ।
ਸ਼ਰਮਾ ਨੇ ਆਖਿਆ ਕਿ ਹਰਿਮੰਦਰ ਸਾਹਿਬ ਵਿਖੇ ਧਮਕੀ ਆਉਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਗੁਰੂਘਰ ਨੂੰ ਹਰ ਸੰਭਵ ਮਦਦ ਅਤੇ ਸੁਰੱਖਿਆ ਮੁਹੱਈਆ ਕਰਨ ਲਈ ਵਚਨਬੱਧ ਹੈ। ਇਸ ਮਾਮਲੇ ’ਚ ਜਿਸ ਢੰਗ ਤਰੀਕੇ ਦੀ ਮਦਦ ਕੇਂਦਰ ਸਰਕਾਰ ਕੋਲੋਂ ਮੰਗੀ ਜਾਵੇਗੀ, ਉਹ ਮੁਹੱਈਆ ਕਰਵਾਈ ਜਾਵੇਗੀ। ਭਾਵੇਂ ਇਹ ਮਾਮਲਾ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ’ਚ ਹੈ, ਫਿਰ ਵੀ ਕੇਂਦਰ ਸਰਕਾਰ, ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਉਨ੍ਹਾਂ ‘ਆਪ’ ਸਰਕਾਰ ’ਤੇ ਵਰ੍ਹਦਿਆਂ ਆਖਿਆ ਕਿ ਸੂਬਾ ਸਰਕਾਰ ਇਸ ਮਾਮਲੇ ’ਚ ਹੁਣ ਤੱਕ ਮੁਲਜ਼ਮਾਂ ਨੂੰ ਕਾਬੂ ਕਰਨ ’ਚ ਅਸਫਲ ਰਹੀ ਹੈ ਤੇ ਸਰਕਾਰ ਦੀ ਸੁਹਿਰਦਤਾ ਦਾ ਇਸ ਤੋਂ ਪਤਾ ਲੱਗਦਾ ਹੈ ਕਿ ਹੁਣ ਤੱਕ ਮੁੱਖ ਮੰਤਰੀ ਇੱਥੇ ਜਾਣਕਾਰੀ ਲੈਣ ਲਈ ਵੀ ਨਹੀਂ ਪੁੱਜੇ। ਇਸ ਦੌਰਾਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਲੋਕਾਂ ਨੂੰ ਸਹੀ ਸਥਿਤੀ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਸਬੰਧੀ ਮਾਮਲਾ ਭਾਵੇਂ ਸੂਬਾ ਸਰਕਾਰ ਦਾ ਮੁੱਦਾ ਹੈ ਪਰ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਸੂਬੇ ਦੀ ਸਰਕਾਰ ਨੂੰ ਹਰ ਸੰਭਵ ਮਦਦ ਤੇ ਸਹਿਯੋਗ ਦੇਣ ਲਈ ਤਿਆਰ ਹੈ।
ਸਿਆਸੀ ਆਗੂਆਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ (ਟਨਸ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ ’ਚ ਮਿਲ ਰਹੀਆਂ ਧਮਕੀ ਵਾਲੀਆਂ ਈਮੇਲਾਂ ’ਤੇ ਪੁਲੀਸ ਤੇ ਪ੍ਰਸ਼ਾਸਨ ਨਿਰੰਤਰ ਕਰਵਾਈ ਰਿਹਾ ਤੇ ਸੁਰੱਖਿਆ ਪ੍ਰਬੰਧਾਂ ਲਈ ਸਰਗਰਮ ਹੈ। ਉਨ੍ਹਾਂ ਕਿਹਾ ਕਿ ਇੱਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ ਤੇ ਛੇਤੀ ਹੀ ਬਾਕੀ ਵੀ ਫੜ ਲਏ ਜਾਣਗੇ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸੰਧਵਾਂ ਨੇ ਪੰਜਾਬ ਸਰਕਾਰ ਵੱਲੋਂ ਇਹ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਇਥੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਇਸੇ ਦੌਰਾਨ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਸਣੇ ਹੋਰ ਕਾਂਗਰਸੀਆਂ ਨੇ ਧਮਕੀ ਦੇ ਮਾਮਲੇ ’ਚ ਮਦਦ ਦਾ ਭਰੋਸਾ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਮੁਲਜ਼ਮਾਂ ਨੂੰ ਫੜਨ ’ਚ ਅਸਫਲ ਰਹੀਆਂ ਹਨ। ਉਨ੍ਹਾਂ ਮੁਤਾਬਕ ਸੂਬਾ ਸਰਕਾਰ ਮਸ਼ਕੂਕ ਨੂੰ ਫੜਨ ਦਾ ਦਾਅਵਾ ਕਰ ਰਹੀ ਹੈ ਜਦਕਿ ਭਾਜਪਾ ਇਸ ਨੂੰ ਡਰਾਮਾ ਦੱਸ ਰਹੀ ਹੈ। ਇਹ ਮਾਮਲਾ ਕੇਂਦਰ ਕੋਲ ਵੀ ਰੱਖਿਆ ਜਾਵੇਗਾ।