ਕੇਂਦਰ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਕਰੇਗੀ: ਪਾਸਵਾਨ
ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ; ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
Advertisement
ਇੱਥੇ ਅੱਜ ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ। ਸ੍ਰੀ ਪਾਸਵਾਨ ਨੇ ਪਿੰਡ ਘੋਨੇਵਾਲ ਮਾਛੀਵਾਲ, ਬਾਓਲੀ, ਮੰਦਿਰਵਾਲ, ਨੰਗਲ ਸੋਹਲ, ਘੁਮਰਾਈ, ਸਿੰਘੋਕੇ, ਨਿਸੋਕੇ, ਪਛੀਆਂ ਦਾ ਦੌਰਾ ਕਰਕੇ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਸਾਬਕਾ ਵਿਧਾਇਕ ਤੇ ਅੰਮ੍ਰਿਤਸਰ ਦਿਹਾਤੀ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਮਰਪਾਲ ਬੋਨੀ ਵੀ ਹਾਜ਼ਰ ਸਨ।ਪਿੰਡ ਵਾਸੀਆਂ ਨੇ ਪਾਸਵਾਨ ਨੂੰ ਦੱਸਿਆ ਕਿ ਇਹ ਹੜ੍ਹ ਦਾ ਦੁਖਾਂਤ ਮੁੱਖ ਤੌਰ ’ਤੇ ਧੁੱਸੀ ਬੰਨ੍ਹ ਦੀ ਮੁਰੰਮਤ ਅਤੇ ਰੱਖ-ਰਖਾਅ ਦੀ ਘਾਟ ਕਾਰਨ ਵਾਪਰਿਆ। ਕੁਝ ਹੀ ਮਿੰਟਾਂ ਵਿੱਚ ਪਾਣੀ ਦਾ ਪੱਧਰ 20 ਫੁੱਟ ਤੱਕ ਵਧ ਗਿਆ ਅਤੇ ਦਰਜਨਾਂ ਪਿੰਡ ਡੁੱਬ ਗਏ। ਸ੍ਰੀ ਪਾਸਵਾਨ ਨੇ ਇਸ ਮੌਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਥਾਨਕ ਪ੍ਰਸ਼ਾਸਨ ਤੋਂ ਰਾਹਤ ਸਮੱਗਰੀ ਜਿਵੇਂ ਕਿ ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ, ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ, ਅਸਥਾਈ ਰਿਹਾਇਸ਼ ਅਤੇ ਨੁਕਸਾਨੇ ਗਏ ਘਰਾਂ ਅਤੇ ਫਸਲਾਂ ਲਈ ਮੁਆਵਜ਼ੇ ਦੀ ਸਥਿਤੀ ਬਾਰੇ ਪੁੱਛਿਆ।
ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਾਜ ਸਰਕਾਰ ਦੇ ਸਹਿਯੋਗ ਨਾਲ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਫੰਡਾਂ ਅਤੇ ਸਰੋਤਾਂ ਦੀ ਕੋਈ ਘਾਟ ਨਹੀਂ ਆਵੇਗੀ। ਕੇਂਦਰੀ ਰਾਜ ਮੰਤਰੀ ਨੇ ਐਲਾਨ ਕੀਤਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮਨਰੇਗਾ ਅਧੀਨ 50 ਦਿਨਾਂ ਦਾ ਵਾਧੂ ਰੁਜ਼ਗਾਰ ਦਿੱਤਾ ਜਾਵੇਗਾ , ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ ਜਾਂ ਵਹਿ ਗਏ ਹਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਵੇਂ ਘਰ ਬਣਾ ਕੇ ਦਿੱਤੇ ਜਾਣਗੇ।
Advertisement
Advertisement