ਮੱਧ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਤੋਂ ਐੱਮਐੱਸਪੀ ’ਤੇ ਦਾਲਾਂ ਖ਼ਰੀਦੇਗੀ ਕੇਂਦਰ ਸਰਕਾਰ
ਨਵੀਂ ਦਿੱਲੀ, 24 ਜੂਨ
ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਲਾਭਕਾਰੀ ਭਾਅ ਦਿਵਾਉਣ ਦੇ ਆਪਣੇ ਯਤਨ ਤਹਿਤ ਮੱਧ ਪ੍ਰਦੇਸ਼ ਤੋਂ ਮੂੰਗੀ ਤੇ ਉੜਦ ਅਤੇ ਉੱਤਰ ਪ੍ਰਦੇਸ਼ ਤੋਂ ਉੜਦ ਦੀਆਂ ਦਾਲਾਂ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਰੇਗੀ। ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਮਤ ਸਮਰਥਨ ਯੋਜਨਾ (ਪੀਐੱਸਐਸ) ਤਹਿਤ ਖ਼ਰੀਦ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਸਬੰਧਤ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨਾਲ ਇਸ ਬਾਰੇ ਵਿਚਾਰ-ਚਰਚਾ ਕੀਤੀ ਅਤੇ ਕੇਂਦਰੀ ਏਜੰਸੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਇਸੇ ਦੌਰਾਨ ਚੌਹਾਨ ਨੇ ਕਿਹਾ ਕਿ ਸਰਕਾਰ ਉਤਪਾਦਨ ਵਧਾਉਣ ਦੇ ਆਪਣੇ ਉਦੇਸ਼ ਦੇ ਹਿੱਸੇ ਵਜੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਰੇ ਹਿੱਸੇਦਾਰਾਂ ਨਾਲ ਫਸਲਾਂ ਬਾਰੇ ਸਲਾਹ-ਮਸ਼ਵਰਾ ਕਰੇਗੀ। ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਸੋਇਆਬੀਨ ਲਈ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ 26 ਜੂਨ ਨੂੰ ਇੰਦੌਰ ਵਿੱਚ ਹੋਵੇਗਾ, ਜਿਸ ਤੋਂ ਬਾਅਦ ਕਪਾਹ, ਗੰਨਾ, ਦਾਲਾਂ ਅਤੇ ਤੇਲ ਬੀਜਾਂ ਬਾਰੇ ਵੀ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਹੋਣਗੀਆਂ। ਚੌਹਾਨ ਨੇ ਕਿਹਾ ਕਿ ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਆਮ ਮੌਨਸੂਨ ਦੀ ਪੇਸ਼ੀਨਗੋਈ ਨਾਲ ਕੁੱਲ ਰਕਬਾ ਵੱਧ ਹੋਣ ਦੀ ਉਮੀਦ ਹੈ। ਚੌਹਾਨ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਫਸਲਾਂ ਬਾਰੇ ਵਿਸ਼ੇਸ਼ ਸਲਾਹ-ਮਸ਼ਵਰੇ ਕਰਨ ਦਾ ਫੈਸਲਾ ਕੀਤਾ ਹੈ। ਹਰ ਫਸਲ ਦੀਆਂ ਆਪਣੀਆਂ ਸਮੱਸਿਆਵਾਂ ਹੁੰਦੀਆਂ ਹਨ। ਅਸੀਂ ਝਾੜ ਅਤੇ ਉਤਪਾਦਨ ਵਧਾਉਣਾ ਚਾਹੁੰਦੇ ਹਾਂ।’ ਇਨ੍ਹਾਂ ਮੀਟਿੰਗਾਂ ਵਿੱਚ ਖੇਤੀਬਾੜੀ ਵਿਗਿਆਨੀ, ਕਿਸਾਨ ਅਤੇ ਹੋਰ ਹਿੱਸੇਦਾਰ ਮੌਜੂਦ ਰਹਿਣਗੇ। -ਪੀਟੀਆਈ