ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੂਨ
ਕਾਂਗਰਸੀ ਵਜ਼ੀਰਾਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਤੇ ਸਿੱਖ ਵਿਰੋਧੀ ਫ਼ੈਸਲੇ ਲੈਣ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਘੇਰਾਬੰਦੀ ਕੀਤੀ ਹੈ। ਇਨ੍ਹਾਂ ਵਜ਼ੀਰਾਂ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਸੰਘੀ ਢਾਂਚੇ ਦਾ ਸੰਘ ਘੁੱਟਣ ਲਈ ਅਕਾਲੀ ਦਲ ਬਰਾਬਰ ਦਾ ਭਾਈਵਾਲ ਹੈ।
ਕੈਬਨਿਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਬਲਬੀਰ ਸਿੰਘ ਸਿੱਧੂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਹਮਾਇਤ ਕਰ ਕੇ ਸੁਖਬੀਰ ਬਾਦਲ ਨੇ ਆਪਣੀ ਵਿਚਾਰਧਾਰਾ ਭਾਜਪਾ ਕੋਲ ਗਹਿਣੇ ਰੱਖ ਦਿੱਤੀ ਹੈ।
ਵਜ਼ੀਰਾਂ ਨੇ ਕਿਹਾ ਕਿ ਅਕਾਲੀਆਂ ਨੇ ਹਰਸਿਮਰਤ ਬਾਦਲ ਦੀ ਕੇਂਦਰੀ ਵਜ਼ੀਰੀ ਪਿੱਛੇ ਸਭ ਕੁਝ ਦਾਅ ’ਤੇ ਲਾ ਦਿੱਤਾ ਹੈ। ਹਾਲਾਂਕਿ ਕੇਂਦਰੀ ਆਰਡੀਨੈਂਸਾਂ ਦੀ ਸਭ ਤੋਂ ਵੱਧ ਮਾਰ ਪੰਜਾਬ ਦੀ ਕਿਸਾਨੀ ਨੂੰ ਝੱਲਣੀ ਪਵੇਗੀ। ਮੰਤਰੀਆਂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਕੇਂਦਰ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਮੂੰਹ ਖੋਲ੍ਹਣਾ ਤਾਂ ਦੂਰ ਦੀ ਗੱਲ, ਅੱਗੇ ਵਧ ਕੇ ਹਮਾਇਤ ਕਰਨੀ ਸ਼ੁਰੂ ਕਰ ਦਿੱਤੀ ਹੈ। ਵੱਧ ਅਧਿਕਾਰਾਂ ਦੇ ਹਿਤੈਸ਼ੀ ਰਹੇ ਬਾਦਲ ਪਰਿਵਾਰ ਨੇ ਆਪਣੀ ਸੋਚ ਨੂੰ ਪੁੱਠਾ ਗੇੜਾ ਦੇ ਦਿੱਤਾ ਹੈ। ਮੰਤਰੀਆਂ ਨੇ ਕਿਹਾ ਕਿ ਇੱਕ ਕੇਂਦਰੀ ਕੁਰਸੀ ਖ਼ਾਤਰ ਅਕਾਲੀ ਦਲ ਨੇ ਭਾਜਪਾ ਅੱਗੇ ਆਤਮ ਸਮਰਪਣ ਕੀਤਾ ਹੈ।
ਆਗੂਆਂ ਨੇ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਪ੍ਰਧਾਨ ਤਾਂ ਉੱਤਰ ਪ੍ਰਦੇਸ਼ ਵਿੱਚ ਭਾਜਪਾ ਸਰਕਾਰ ਵੱਲੋਂ ਸਿੱਖ ਕਿਸਾਨਾਂ ਨੂੰ ਉਜਾੜੇ ਜਾਣ ਦੀਆਂ ਰਿਪੋਰਟਾਂ ਉੱਤੇ ਵੀ ਚੁੱਪ ਹੋ ਗਿਆ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।