ਹਰਪ੍ਰੀਤ ਕੌਰ
ਹੁਸ਼ਿਆਰਪੁਰ, 25 ਜੂਨ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਿਸਾਨਾਂ ਪ੍ਰਤੀ ਦੋਗਲੀ ਨੀਤੀ ਅਪਨਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਮੰਤਰੀ ਅਹੁਦੇ ਦੇ ਲਾਲਚ ’ਚ ਬਾਦਲ ਕਿਸਾਨਾਂ ਦੇ ਹਿੱਤਾਂ ਨਾਲ ਧ੍ਰੋਹ ਕਮਾ ਰਹੇ ਹਨ। ਅੱਜ ਇੱਥੇ ਕਣਕ ਮੰਡੀ ਪੁੱਜੇ ਜਾਖੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਨੂੰ ਖੇਤੀ ਆਰਡੀਨੈਂਸਾਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਜੱਕੋਤੱਕੀ ਵਾਲਾ ਨਹੀਂ, ਸਗੋਂ ਕਿਸਾਨਾਂ ਨਾਲ ਖੁੱਲ੍ਹ ਕੇ ਖੜ੍ਹੇ ਹੋਣ ਦਾ ਹੈ। ਉਨ੍ਹਾਂ ਕਿਹਾ ਕਿ ਜੇ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਜ਼ਮੀਨਾਂ ਦੇ ਮਾਲਕ ਖੇਤ ਮਜ਼ਦੂਰ ਬਣ ਕੇ ਰਹਿ ਜਾਣਗੇ। ਸ੍ਰੀ ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਦੋ ਬੇੜੀਆਂ ’ਚ ਸਵਾਰ ਹਨ। ਕੋਈ ਸਮਾਂ ਸੀ ਜਦੋਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਖ਼ਾਤਰ ਹਰ ਕੁਰਬਾਨੀ ਲਈ ਤਿਆਰ ਰਹਿੰਦਾ ਸੀ ਪਰ ਅੱਜ ਹਾਲਾਤ ਇਹ ਹਨ ਕਿ ਇਕ ਮੰਤਰੀ ਦੀ ਕੁਰਸੀ ਨੂੰ ਹੀ ਵੱਡੀ ਕੁਰਬਾਨੀ ਸਮਝਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੇ ਸਾਜ਼ਿਸ਼ ਤਹਿਤ ਲੁਕਵੇਂ ਢੰਗ ਨਾਲ ਕਾਲਾ ਕਾਨੂੰਨ ਪਾਸ ਕੀਤਾ ਹੈ, ਜਿਸ ਨਾਲ ਕਿਸਾਨ ਰੁਲ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਇਸ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਬਿਆਨ ਵੀ ਦੇ ਚੁੱਕੇ ਹਨ। ਭਾਜਪਾ ਐੱਮਐੱਸਪੀ ਨੂੰ ਨਹੀਂ, ਸਗੋਂ ਕਿਸਾਨਾਂ ਨੂੰ ਵੀ ਬੋਝ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਇਹ ਆਰਡੀਨੈਂਸ ਰੱਦ ਨਾ ਹੋਏ ਤਾਂ ਕਿਸਾਨਾਂ ਨਾਲ ਨਾਇਨਸਾਫ਼ੀ ਹੋਵੇਗੀ। ਜਾਖੜ ਨੇ ਤੇਲ ਦੀਆਂ ਕੀਮਤਾਂ ’ਚ ਹੋ ਰਹੇ ਵਾਧੇ ਦੀ ਵੀ ਨਿੰਦਾ ਕੀਤੀ।
ਮੋਦੀ ਸਰਕਾਰ ਦੀ ਆਲੋਚਨਾ ਕਰਨ ਵਾਲੇ ਕਿਸਾਨ ਨੂੰ ਮਿਲੇ ਜਾਖੜ
ਸੁਨੀਲ ਜਾਖੜ ਖੇਤੀ ਆਰਡੀਨੈਂਸਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਹੈਲੀਕਾਪਟਰ ਰਾਹੀਂ ਹੁਸ਼ਿਆਰਪੁਰ ਦੀ ਦਾਣਾ ਮੰਡੀ ਆਏ ਸਨ ਪਰ ਉਨ੍ਹਾਂ ਦੀ ਇਹ ਫ਼ੇਰੀ 5-7 ਮਿੰਟ ਵਿਚ ਹੀ ਮੁੱਕ ਗਈ। ਉਹ ਸਿਰਫ਼ ਇਕ ਹੀ ਕਿਸਾਨ ਨੂੰ ਮਿਲੇ, ਜਿਸ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਮੋਦੀ ਸਰਕਾਰ ਦੀ ਆਲੋਚਨਾ ਕੀਤੀ ਸੀ। ਜਾਖੜ ਉੱਥੇ ਹਾਜ਼ਰ ਕਾਂਗਰਸ ਪੱਖੀ ਆੜ੍ਹਤੀਆਂ ਨੂੰ ਵੀ ਮਿਲੇ।
ਬਾਦਲਾਂ ਨੇ ਕਿਸਾਨਾਂ ਨਾਲ ਗੱਦਾਰੀ ਕੀਤੀ: ਸਿੱਧੂ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਕਿਸਾਨੀ ਲਈ ਬਹੁਤ ਹੀ ਹਾਨੀਕਾਰਕ ਸਿੱਧ ਹੋਣ ਵਾਲੇ ਆਰਡੀਨੈਂਸਾਂ ਦੀ ਹਮਾਇਤ ਕਰ ਕੇ ਸੂਬੇ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਆਰਡੀਨੈਂਸ ਜਿੱਥੇ ਸੂਬਿਆਂ ਦੇ ਅਧਿਕਾਰਾਂ ਉੱਤੇ ਛਾਪਾ ਮਾਰਦੇ ਹਨ ਉਥੇ ਇਨ੍ਹਾਂ ਦੇ ਲਾਗੂ ਹੋਣ ਨਾਲ ਘੱਟੋ ਘੱਟ ਸਮਰਥਨ ਮੁੱਲ ਉੱਤੇ ਫਸਲਾਂ ਦੀ ਯਕੀਨੀ ਖ਼ਰੀਦ ਵਾਲੇ ਚੱਲ ਰਹੇ ਮੰਡੀਕਰਨ ਸਿਸਟਮ ਦੇ ਖਾਤਮੇ ਦਾ ਵੀ ਮੁੱਢ ਬੱਝੇਗਾ।