ਕੇਂਦਰੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ
ਕੇਂਦਰੀ ਟੀਮ ਵੱਲੋਂ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਫਿਰੋਜ਼ਪੁਰ ਦੇ ਸਤਲੁਜ ਕੰਢੇ ’ਤੇ ਵਸੇ ਪਿੰਡਾਂ ਅਤੇ ਹੁਸੈਨੀਵਾਲਾ ਦਾ ਦੌਰਾ ਕਰਕੇ ਰਿਪੋਰਟ ਹਾਸਲ ਕੀਤੀ ਗਈ। ਕੇਂਦਰੀ ਟੀਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੁਸੈਨੀਵਾਲਾ ਵਿੱਚ ਫੌਜ ਦੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਆਇਨਾ ਕਰ ਕੇ ਉਸ ਦੀ ਮੁੜ ਉਸਾਰੀ ’ਤੇ ਆਉਣ ਵਾਲੇ ਖਰਚੇ ਦਾ ਅਨੁਮਾਨ ਲਗਾ ਕੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਨੂੰ ਭੇਜਿਆ ਜਾਵੇ। ਇਸ ਤੋਂ ਪਹਿਲਾਂ ਕੇਂਦਰੀ ਟੀਮ ਵੱਲੋਂ ਹੁਸੈਨੀਵਾਲਾ ਹੈੱਡ ਵਰਕਸ ਵਿੱਚ ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ। ਕੇਂਦਰੀ ਟੀਮ ਵੱਲੋਂ ਰਾਹਤ ਕੇਂਦਰ ਦਾ ਵੀ ਦੌਰਾ ਕੀਤਾ ਗਿਆ ਅਤੇ ਉੱਥੇ ਲੋਕਾਂ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਨੂੰ ਦੇਖਿਆ। ਇਸ ਮੌਕੇ ਉਨ੍ਹਾਂ ਰਾਹਤ ਕੇਂਦਰ ਵਿੱਚ ਰਹਿ ਰਹੇ ਲੋਕਾਂ ਨਾਲ ਵੀ ਗੱਲਬਾਤ ਕੀਤੀ।
ਤਰਨ ਤਾਰਨ (ਗੁਰਬਖਸ਼ਪੁਰੀ): ਕੇਂਦਰੀ ਟੀਮ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਵਿੱਚ ਦਰਿਆ ਸਤਲੁਜ ਅਤੇ ਬਿਆਸ ਦਾ ਦੌਰਾ ਕਰਦਿਆਂ ਨੁਕਸਾਨ ਦਾ ਜਾਇਜ਼ਾ ਲਿਆ ਗਿਆ| ਕੇਂਦਰੀ ਟੀਮ ਨੇ ਹਰੀਕੇ ਪੱਤਣ ਵਿੱਚ ਦਰਿਆ ਸਤਲੁਜ ਅਤੇ ਗੋਇੰਦਵਾਲ ਸਾਹਿਬ ਵਿੱਚ ਦਰਿਆ ਬਿਆਸ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਨੁਕਸਾਨ ਦੀ ਜਾਣਕਾਰੀ ਲਈ। ਡਿਪਟੀ ਕਮਿਸ਼ਨਰ ਰਾਹੁਲ ਨੇ ਕੇਂਦਰੀ ਟੀਮ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਹੜ੍ਹ ਪ੍ਰਭਾਵਿਤਾਂ ਇਲਾਕਿਆਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਅਤੇ ਦਰਿਆਈ ਕੰਢਿਆਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਰਿਆਈ ਪਾਣੀ ਦੀ ਮਾਰ ਹੇਠ ਆਉਣ ਕਰਕੇ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ।
ਕਪੂਰਥਲਾ (ਜਸਬੀਰ ਸਿੰਘ ਚਾਨਾ): ਕੇਂਦਰੀ ਟੀਮ ਵਲੋਂ ਅੱਜ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਸੁਲਤਾਨਪੁਰ ਲੋਧੀ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਟੀਮ ਨੂੰ ਬਿਆਸ ਦਰਿਆ ਦੇ ਵਹਿਣ ਅਤੇ ਬਾਊਪੁਰ ਟਾਪੂ ਬਾਰੇ ਜਾਣਕਾਰੀ ਦਿੱਤੀ। ਕੇਂਦਰੀ ਟੀਮ ਦੇ ਮੈਂਬਰ ਕਿਸ਼ਤੀ ਰਾਹੀਂ ਬਾਊਪੁਰ ਤੇ ਸਾਂਗਰਾ ਗਏ ਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਕੇ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਰਕਾਰੀ ਸਕੂਲ ਬਾਊਪੁਰ ਦਾ ਵੀ ਜਾਇਜ਼ਾ ਲਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿਚ ਲਗਪਗ 35 ਹਜ਼ਾਰ ਏਕੜ ਰਕਬੇ ਵਿਚ ਫਸਲ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਪੁੱਜਾ ਹੈ।
ਕੇਂਦਰੀ ਟੀਮ ਵਲੋਂ ਜੰਮੂ-ਕਸ਼ਮੀਰ ਨੂੰ ਜੋੜਨ ਵਾਲੇ ਪੁਲ ਦਾ ਜਾਇਜ਼ਾ
ਪਠਾਨਕੋਟ (ਐਨ ਪੀ ਧਵਨ): ਕੇਂਦਰ ਸਰਕਾਰ ਦੀ ਤਿੰਨ ਮੈਂਬਰੀ ਟੀਮ ਅੱਜ ਜ਼ਿਲ੍ਹਾ ਪਠਾਨਕੋਟ ਵਿੱਚ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ ਵਿੱਚ ਗਈ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਕੇਂਦਰੀ ਟੀਮ ਵਿੱਚ ਗ੍ਰਹਿ ਮੰਤਰਾਲੇ ਤੋਂ ਰਾਜੇਸ਼ ਗੁਪਤਾ, ਕੇਂਦਰੀ ਵਿੱਤ ਵਿਭਾਗ ਤੋਂ ਕੰਡਾਰਪ ਵੀ ਫਟੇਲ ਅਤੇ ਕੇਂਦਰੀ ਟਰਾਂਸਪੋਰਟ ਐਂਡ ਹਾਈਵੇਅ ਵਲੋਂ ਰਾਕੇਸ਼ ਕੁਮਾਰ ਸ਼ਾਮਲ ਸਨ। ਇਹ ਟੀਮ ਸਭ ਤੋਂ ਪਹਿਲਾਂ ਰਾਵੀ ਦਰਿਆ ’ਤੇ ਬਣੇ ਕਥਲੌਰ ਪੁਲ ’ਤੇ ਪੁੱਜੀ ਜਿੱਥੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਰਾਵੀ ਦਰਿਆ ਵਿੱਚ ਵਧਦੇ ਪਾਣੀ ਦੇ ਪੱਧਰ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਕਰ ਕੇ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਪਿੰਡਾਂ ਅੰਦਰ ਪਾਣੀ ਭਰ ਗਿਆ ਸੀ ਤੇ ਕੋਹਲੀਆਂ ਅੱਡਾ ਅਤੇ ਪੰਮਾ ਪਿੰਡ ਵਿਚ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਹਲੀਆਂ ਅੱਡੇ ਕੋਲ ਰਾਵੀ ਦਰਿਆ ਨੇ ਚਾਰ ਥਾਵਾਂ ’ਤੇ ਹਾਲੇ ਵੀ ਖੋਰਾ ਲਗਾਇਆ ਹੈ। ਇਸ ਤੋਂ ਬਾਅਦ ਟੀਮ ਨੇ ਮਾਧੋਪੁਰ ਹੈਡਵਰਕਸ ਦਾ ਵੀ ਦੌਰਾ ਕੀਤਾ ਅਤੇ ਉੱਥੇ ਹੈਡ ਵਰਕਸ ਦੇ ਟੁੱਟੇ ਗੇਟਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਹੜ੍ਹ ਦੇ ਪਾਣੀ ਨਾਲ ਹੈਡਵਰਕਸ ਦੀ ਪ੍ਰਭਾਵਿਤ ਹੋਈ ਇਮਾਰਤ ਨੂੰ ਵੀ ਦੇਖਿਆ। ਅਧਿਕਾਰੀਆਂ ਨੇ ਕਿਹਾ ਕਿ ਉਹ ਹੜ੍ਹਾਂ ਦੇ ਨੁਕਸਾਨ ਸਬੰਧੀ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਸੌਂਪਣਗੇ।