ਭਾਰਤੀਆਂ ਨੂੰ ਸੁਰੱਖਿਅਤ ਕੱਢਣ ਲਈ ਠੋਸ ਕਦਮ ਚੁੱਕੇ ਕੇਂਦਰ: ਸੰਧਵਾਂ
ਸਪੀਕਰ ਨੇ ਦੁਬਈ ਤੇ ਅਰਬ ਮੁਲਕਾਂ ’ਚ ਫਸੇ ਭਾਰਤੀਆਂ ਦੀ ਸੁਰੱਖਿਆ ’ਤੇ ਚਿੰਤਾ ਜਤਾਈ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਰਾਨ ਅਤੇ ਇਜ਼ਰਾਈਲ ਵਿਚਾਲੇ ਵਧ ਰਹੇ ਟਕਰਾਅ ਦੇ ਚੱਲਦਿਆਂ ਦੁਬਈ ਹਵਾਈ ਅੱਡੇ ਅਤੇ ਵੱਖ-ਵੱਖ ਅਰਬ ਮੁਲਕਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਜਤਾਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਅਤੇ ਭਾਰਤੀਆਂ ਨੂੰ ਉੱਥੋਂ ਸੁਰੱਖਿਅਤ ਬਾਹਰ ਕੱਢਣ ਲਈ ਠੋਸ ਕਦਮ ਚੁੱਕਣ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਮੰਤਰਾਲਿਆਂ, ਖਾਸ ਕਰਕੇ ਵਿਦੇਸ਼ ਮੰਤਰਾਲੇ ਅਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ।
ਸ੍ਰੀ ਸੰਧਵਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਭਾਰਤੀ ਨਾਗਰਿਕ ਮੁਸ਼ਕਲ ਹਾਲਾਤ ਵਿੱਚ ਫਸੇ ਹੋਏ ਹਨ। ਭਾਰਤ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਤੇ ਸਨਮਾਨਜਨਕ ਢੰਗ ਨਾਲ ਵਾਪਸੀ ਯਕੀਨੀ ਬਣਾਉਣ ਲਈ ਇਸ ਮਸਲੇ ਨੂੰ ਤਰਜੀਹ ਦੇਵੇ। ਪ੍ਰਭਾਵਿਤ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋੜੀਂਦੀਆਂ ਕੂਟਨੀਤਿਕ ਤੇ ਪ੍ਰਸ਼ਾਸਕੀ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾਣ। ਅੰਤਰਰਾਸ਼ਟਰੀ ਪੱਧਰ ’ਤੇ ਅਜਿਹੇ ਸੰਕਟਕਾਲੀ ਹਾਲਾਤ ਦੌਰਾਨ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਵਿਦੇਸ਼ੀ ਧਰਤੀ ’ਤੇ ਬੇਸਹਾਰਾ ਮਹਿਸੂਸ ਨਾ ਕਰੇ।

