ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨੇ ਕੇਂਦਰ: ਉਗਰਾਹਾਂ
ਪਰਸ਼ੋਤਮ ਬੱਲੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਇੱਥੇ ਦਾਣਾ ਮੰਡੀ ਵਿੱਚ ਪੰਜਾਬ ਵਿੱਚ ਹੜ੍ਹਾਂ ਕਾਰਨ ਹੋ ਰਹੀ ਤਬਾਹੀ ਦੇ ਮੁਆਵਜ਼ੇ, ਸੂਬਾ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਪੂੰਜੀਪਤੀਆਂ ਦੇ ਕਥਿਤ ਕਬਜ਼ੇ ਕਰਾਉਣ ਦੇ ਵਿਰੋਧ ਤੇ ਕਿਸਾਨ ਲਹਿਰ ’ਤੇ ਕੀਤੇ ਜਬਰ ਵਿਰੁੱਧ ਸੂਬਾ ਪੱਧਰੀ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਵਿੱਚ ਸੂਬਾ, ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਦੇ ਆਗੂ ਅਤੇ ਔਰਤਾਂ ਸ਼ਾਮਲ ਹੋਈਆਂ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਨੇ ਕਿਹਾ ਕਿ ਹੜ੍ਹਾਂ ਕਾਰਨ ਜਾਨੀ ਨੁਕਸਾਨ ਤੋਂ ਇਲਾਵਾ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਤੇ ਮਕਾਨਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਮਹਿਜ਼ ਕੁਦਰਤੀ ਕਹਿਰ ਨਹੀਂ ਹੈ ਬਲਕਿ ਇਸ ਤਬਾਹੀ ਦੀ ਜ਼ਿੰਮੇਵਾਰ ਸੂਬਾ ਸਰਕਾਰ ਵੀ ਹੈ ਕਿਉਂਕਿ ਸਰਕਾਰ ਨੇ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਅਗਾਊਂ ਠੋਸ ਪ੍ਰਬੰਧ ਨਹੀਂ ਕੀਤੇ। ਆਗੂਆਂ ਕਿਹਾ ਕਿ ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਪੰਜ ਸਤੰਬਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹੈਡਕੁਾਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਤਹਿਤ ਮੰਗ ਕੀਤੀ ਜਾਵੇਗੀ ਕਿ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਕੇਂਦਰ ਸਰਕਾਰ ਕੌਮੀ ਆਫ਼ਤ ਐਲਾਨੇ।
ਉਨ੍ਹਾਂ ਕਿਹਾ ਕਿ ਪਰਿਵਾਰ ਦੇ ਕਿਸੇ ਵਿਅਕਤੀ ਦੀ ਮੌਤ ਹੋਣ ’ਤੇ ਪੀੜਤ ਪਰਿਵਾਰਾਂ ਨੂੰ ਮਾਇਕ ਸਹਾਇਤਾ ਦਿੱਤੀ ਜਾਵੇ, ਜਾਇਦਾਦ, ਫ਼ਸਲ ਤੇ ਪਸ਼ੂਆਂ ਦੇ ਨੁਕਸਾਨ ਦੀ ਸੌ ਫ਼ੀਸਦੀ ਪੂਰਤੀ ਕੀਤੀ ਜਾਵੇ, ਨੁਕਸਾਨੀਆਂ ਸੜਕਾਂ, ਸਕੂਲਾਂ, ਹਸਪਤਾਲਾਂ ਤੇ ਹੋਰ ਸਾਂਝੀਆਂ ਥਾਵਾਂ ਦੀ ਮੁੜ ਉਸਾਰੀ ਕੀਤੀ ਜਾਵੇ ਅਤੇ ਬਿਮਾਰੀਆਂ ਫੈਲਣ ਤੋਂ ਰੋਕਥਾਮ ਲਈ ਅਗਾਊਂ ਉਪਰਾਲੇ ਕੀਤੇ ਜਾਣ। ਆਗੂਆਂ ਇਹ ਵੀ ਕਿਹਾ ਕਿ ਭਾਰੀ ਬਰਸਾਤ ਦੀ ਪੇਸ਼ੀਨਗੋਈ ਦੇ ਬਾਵਜੂਦ ਅਗਾਊਂ ਪੁਖਤਾ ਪ੍ਰਬੰਧ ਨਾ ਕਰਨ ਲਈ ਜ਼ਿੰਮੇਵਾਰ ਸਿਆਸੀ ਆਗੂਆਂ ਤੇ ਅਫ਼ਸਰਸ਼ਾਹੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਬੁਲਾਰਿਆਂ ਨੇ ਕਿਹਾ ਕਿ ਜ਼ਮੀਨਾਂ ਦੀ ਰਾਖੀ, ਜ਼ਮੀਨ ਪ੍ਰਾਪਤੀ, ਜ਼ਮੀਨਾਂ ਦੀ ਪੱਕੀ ਮਾਲਕੀ ਲੈਣ ਅਤੇ ਜਥੇਬੰਦੀ ਦੀ ਰਾਖੀ ਲਈ 14 ਸਤੰਬਰ ਨੂੰ ਬਰਨਾਲਾ ਵਿੱਚ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਲਈ ‘ਰਾਖੀ ਕਰੋ ਮੁਹਿੰਮ’ ਨੂੰ ਪਿੰਡਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ।
ਆਗੂਆਂ ਨੇ ਸੱਦਾ ਦਿੱਤਾ ਕਿ ਪਿੰਡਾਂ ਵਿੱਚ ਕਿਸੇ ਵੀ ਆਗੂ ਨੂੰ ਗ੍ਰਿਫ਼ਤਾਰ ਕਰਨ ਆਈ ਪੁਲੀਸ ਦਾ ਵਿਰੋਧ ਕੀਤਾ ਜਾਵੇ। ਇਸ ਮੌਕੇ ਸੂਬਾ ਸੰਗਠਨ ਸਕੱਤਰ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਅਮਰੀਕ ਸਿੰਘ, ਰਾਮ ਸਿੰਘ, ਅਮਰਜੀਤ ਸਿੰਘ, ਸੁਦਾਗਰ ਸਿੰਘ ਤੇ ਹਰਿੰਦਰ ਕੌਰ ਬਿੰਦੂ ਆਦਿ ਵੀ ਸ਼ਾਮਲ ਸਨ।