ਕੇਂਦਰ ਰਾਜੋਆਣਾ ਸਜ਼ਾ ਮਾਮਲੇ ਦਾ ਨੋਟੀਫਿਕੇਸ਼ਨ ਛੇਤੀ ਲਾਗੂ ਕਰੇ: ਗੜਗੱਜ
ਰਾਜੋਆਣਾ ਨਾਲ ਮੁਲਾਕਾਤ ਕਰਨਗੇ ਜਥੇਦਾਰ, ਮੌਤ ਦੀ ਸਜ਼ਾ ਉਮਰ ਕੈਦ ’ਚ ਤਬਦੀਲ ਕਰਨ ਦਾ ਨੋਟੀਫ਼ਿਕੇਸ਼ਨ ਲਾਗੂ ਕਰਨ ਦੀ ਅਪੀਲ
ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ।
ਦੱਸਣਯੋਗ ਹੈ ਕਿ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਨਾਲ ਮੁਲਾਕਾਤ ਲਈ ਵਫ਼ਦ ਭੇਜਣ ਦਾ ਐਲਾਨ ਕੀਤਾ ਸੀ ਤੇ ਇਸ ਸਬੰਧੀ ਏ.ਡੀ.ਜੀ.ਪੀ. ਜੇਲ੍ਹਾਂ ਨੂੰ ਵੀ ਪੱਤਰ ਭੇਜਿਆ ਸੀ। ਅੱਜ ਇਸੇ ਮਾਮਲੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਰਾਜੋਆਣਾ ਨਾਲ ਮਿਲਣ ਦਾ ਪ੍ਰੋਗਰਾਮ ਉਲੀਕਿਆ ਹੈ। ਜਥੇਦਾਰ ਨੇ ਕਿਹਾ ਕਿ ਭਾਈ ਰਾਜੋਆਣਾ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੈ ਜੋ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸੰਨ 2019 ਵਿੱਚ ਜਾਰੀ ਕੀਤਾ ਨੋਟੀਫਿਕੇਸ਼ਨ ਜਲਦ ਲਾਗੂ ਕਰ ਕੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਸਰਕਾਰ ਜਿਹੜੇ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਤੋਂ ਵੱਧ ਕੈਦ ਕੱਟ ਲਈ ਹੈ, ਨੂੰ ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰ ਨੂੰ ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਰਿੰਦਰ ਕੌਰ ਨਾਲ ਮੁਲਾਕਾਤ ਕਰਨ ਲਈ ਜ਼ਮਾਨਤ ਦੇਣ ਲਈ ਵੀ ਆਖਿਆ।