ਅਮਰੀਕਾ ’ਚ ਪੰਜਾਬੀ ਡਰਾਈਵਰਾਂ ’ਤੇ ਪਾਬੰਦੀ ਖ਼ਿਲਾਫ਼ ਕੇਂਦਰ ਦਖ਼ਲ ਦੇਵੇ: ਸ਼ਰਮਾ
ਪੰਜਾਬ ਭਾਜਪਾ ਨੇ ਅਮਰੀਕਾ ਦੇ ਫਲੋਰਿਡਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਹਾਦਸੇ ਤੋਂ ਬਾਅਦ ਪੰਜਾਬੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ ’ਤੇ ਰੋਕ ਲਗਾਉਣ ਦੇ ਫ਼ੈਸਲੇ ’ਤੇ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਅੱਜ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਇਸ ਦੇ ਨਾਲ ਹੀ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਸ੍ਰੀ ਸ਼ਰਮਾ ਨੇ ਪੱਤਰ ਵਿੱਚ ਕਿਹਾ ਕਿ ਅਮਰੀਕਾ ਦੇ ਫ਼ੈਸਲੇ ਕਾਰਨ ਹਜ਼ਾਰਾਂ ਪੰਜਾਬੀ ਡਰਾਈਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ
ਵਧ ਗਈ ਹੈ।
ਸ੍ਰੀ ਸ਼ਰਮਾ ਨੇ ਲਿਖਿਆ ਕਿ ਅਮਰੀਕਾ ਵੱਲੋਂ ਲਗਾਈਆਂ ਰੋਕਾਂ ਸਿਰਫ਼ ਇੱਕ ਅਣਚਾਹੀ ਘਟਨਾ ਦੇ ਆਧਾਰ ’ਤੇ ਪੂਰੇ ਸਮਾਜ ਨੂੰ ਸਜ਼ਾ ਦੇਣ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਡਰਾਈਵਰ ਅਮਰੀਕੀ ਲੌਜਿਸਟਿਕਸ ਅਤੇ ਟਰਾਂਸਪੋਰਟ ਸੈਕਟਰ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਅਮਰੀਕਾ ਸਰਕਾਰ ਨਾਲ ਗੱਲਬਾਤ ਕਰ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਇੱਕ ਘਟਨਾ ਲਈ ਪੂਰੇ ਸਮਾਜ ਨੂੰ ਸਜ਼ਾ ਨਾ ਦਿੱਤੀ ਜਾਵੇ। ਇਸ ਤੋਂ ਇਲਾਵਾ ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸਲਰ ਸਹਾਇਤਾ ਦਿੱਤੀ ਜਾਵੇ।