ਕੇਂਦਰ ਝੋਨੇ ਦੀ ਖ਼ਰੀਦ ਦੇ ਮਾਪਦੰਡਾਂ ’ਚ ਢਿੱਲ ਦੇਵੇ: ਭਗਵੰਤ ਮਾਨ
ਸੰਜੀਵ ਤੇਜਪਾਲ/ਅਜੈ ਮਲਹੋਤਰਾ ਮੋਰਿੰਡਾ/ਬੱਸੀ ਪਠਾਣਾ, 23 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਨੂੰ ਪੁੱਜੇ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਖ਼ਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦੇਵੇ। ਮੁੱਖ ਮੰਤਰੀ ਨੇ ਅੱਜ...
ਸੰਜੀਵ ਤੇਜਪਾਲ/ਅਜੈ ਮਲਹੋਤਰਾ
ਮੋਰਿੰਡਾ/ਬੱਸੀ ਪਠਾਣਾ, 23 ਅਕਤੂਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਨੂੰ ਪੁੱਜੇ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਖ਼ਰੀਦ ਲਈ ਤੈਅ ਮਾਪਦੰਡਾਂ ਵਿੱਚ ਢਿੱਲ ਦੇਵੇ। ਮੁੱਖ ਮੰਤਰੀ ਨੇ ਅੱਜ ਮੋਰਿੰਡਾ ਅਤੇ ਬੱਸੀ ਪਠਾਣਾ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ। ਮੌਸਮ ਦੀ ਮਾਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਨਿਰਧਾਰਤ ਮਾਪਦੰਡਾਂ ਵਿੱਚ ਢਿੱਲ ਦੇਣੀ ਚਾਹੀਦੀ ਹੈ। ਝੋਨੇ ਵਿੱਚ ਨਮੀ ਦੀ ਮਾਤਰਾ, ਖ਼ਰਾਬ ਤੇ ਬਦਰੰਗ ਦਾਣਿਆਂ ਦੀ ਮਾਤਰਾ ਵੱਧ ਗਈ ਹੈ। ਉਹ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵੱਲੋਂ ਕੌਮੀ ਅੰਨ ਭੰਡਾਰ ਵਿੱਚ 170 ਲੱਖ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ 1822 ਖ਼ਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਹੈ। ਅੱਜ ਤੱਕ ਸੂਬੇ ਦੀਆਂ ਮੰਡੀਆਂ ਵਿੱਚ 63.49 ਲੱਖ ਟਨ ਝੋਨਾ ਪਹੁੰਚਿਆ ਹੈ। ਇਸ ਵਿੱਚੋਂ 61.01 ਲੱਖ ਟਨ ਪਹਿਲਾਂ ਹੀ ਖ਼ਰੀਦਿਆ ਜਾ ਚੁੱਕਾ ਹੈ। ਖ਼ਰੀਦ ਦੇ 72 ਘੰਟਿਆਂ ਦੇ ਅੰਦਰ ਚੁਕਾਈ ਯਕੀਨੀ ਬਣਾਉਂਦੇ ਹੋਏ ਮੰਡੀਆਂ ਵਿੱਚੋਂ 91.80 ਫ਼ੀਸਦੀ ਚੁਕਾਈ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਐਲਾਨੇ 1600 ਕਰੋੜ ਰੁਪਏ ਸੂਬੇ ਨੂੰ ਹਾਲੇ ਤੱਕ ਨਹੀਂ ਮਿਲੇ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ ਹਨ। ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਬੱਸੀ ਪਠਾਣਾ ਵਿੱਚ ਡੀ ਸੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ, ਐੱਸ ਡੀ ਐੱਮ ਬਸੀ ਪਠਾਣਾ ਹਰਵੀਰ ਕੌਰ, ਐੱਸ ਐੱਸ ਪੀ ਸ਼ੁਭਮ ਅਗਰਵਾਲ, ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦਾ ਸ਼ਹੀਦੀ ਪੁਰਬ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਰਸਮੀ ਤੌਰ ’ਤੇ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਲਈ ਪੂਰੇ ਇੰਤਜ਼ਾਮ ਕੀਤੇ ਹਨ।
ਮੰਡੀਆਂ ’ਚੋਂ 61.96 ਲੱਖ ਟਨ ਝੋਨੇ ਦੀ ਖ਼ਰੀਦ: ਬਰਸਟ
ਐੱਸ ਏ ਐੱਸ ਨਗਰ (ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਖ਼ਰੀਦ ਦੇ ਕਾਰਜ ਨਿਰਵਿਘਨ ਚੱਲ ਰਹੇ ਹਨ ਅਤੇ ਚੁਕਾਈ ਵੀ ਤੇਜ਼ੀ ਨਾਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ 22 ਅਕਤੂਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 64.20 ਲੱਖ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 61.96 ਲੱਖ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦੀ ਗਈ ਫ਼ਸਲ ਵਿੱਚੋਂ 43.72 ਲੱਖ ਟਨ, ਜੋ 71 ਫ਼ੀਸਦੀ ਬਣਦਾ ਹੈ, ਦੀ ਚੁਕਾਈ ਵੀ ਹੋ ਚੁੱਕੀ ਹੈ। ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ 1822 ਨੋਟੀਫਾਈਡ ਮੰਡੀਆਂ ਅਤੇ 651 ਆਰਜ਼ੀ ਖ਼ਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ 61.80 ਲੱਖ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਪਨਗ੍ਰੇਨ ਵੱਲੋਂ 25,94,072 ਟਨ, ਐੱਫ ਸੀ ਆਈ ਵੱਲੋਂ 14,985 ਟਨ, ਮਾਰਕਫੈੱਡ ਵੱਲੋਂ 16,12,128 ਟਨ, ਪਨਸਪ ਵੱਲੋਂ 12,43,777 ਟਨ, ਵੇਅਰਹਾਊਸ ਵੱਲੋਂ 7,14,899 ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 16,307 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਤਰਨ ਤਾਰਨ ਜ਼ਿਲ੍ਹੇ ਵਿੱਚ ਸਭ ਤੋਂ ਵੱਧ 6,98,864 ਟਨ ਝੋਨੇ ਦੀ ਖ਼ਰੀਦ ਹੋਈ ਹੈ ਜਦੋਂਕਿ ਦੂਜੇ ਨੰਬਰ ’ਤੇ ਪਟਿਆਲਾ ਵਿੱਚ 6,52,727 ਟਨ ਅਤੇ ਤੀਜੇ ਨੰਬਰ ’ਤੇ ਫ਼ਿਰੋਜ਼ਪੁਰ ਵਿੱਚ 4,95,922 ਟਨ ਝੋਨੇ ਦੀ ਖ਼ਰੀਦ ਹੋਈ ਹੈ। ਦੀਵਾਲੀ ਮਗਰੋਂ ਬੁੱਧਵਾਰ ਨੂੰ ਮੰਡੀਆਂ ਵਿੱਚ 5.30 ਲੱਖ ਟਨ ਝੋਨੇ ਦੀ ਫ਼ਸਲ ਦੀ ਆਮਦ ਹੋਈ ਹੈ, ਜਦੋਂਕਿ 5.09 ਲੱਖ ਟਨ ਦੀ ਖ਼ਰੀਦ ਹੋਈ ਹੈ। ਇਸ ਵਿੱਚੋਂ 4.65 ਲੱਖ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ੂਦਰਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕਿਸੇ ਤਰ੍ਹਾਂ ਦੀ ਵੀ ਸਮੱਸਿਆ ਲਈ ਕੰਟਰੋਲ ਰੂਮ ਦੇ ਟੈਲੀਫੋਨ ਨੰਬਰਾਂ 0172-5101649 ਅਤੇ 0172-5101704 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

