ਬੰਦੀ ਸਿੰਘਾਂ ਨੂੰ ਰਿਹਾਅ ਕਰੇ ਕੇਂਦਰ: ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਮਰੀਜ਼ਾਂ ਤੇ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੀਨਗਰ ’ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ’ਚ ਹੋਈ ਮਰਿਆਦਾ ਦੀ ਉਲੰਘਣਾ ’ਤੇ ਨਿੰਦਾ ਮਤਾ ਵੀ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 2019 ’ਚ ਮਨਾਏ ਗਏ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਕੁਝ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਇੱਕ ਇਤਿਹਾਸਕ ਮੌਕਾ ਹੈ ਅਤੇ ਕੇਂਦਰ ਸਰਕਾਰ ਨੂੰ ਆਪਣਾ ਫ਼ੈਸਲਾ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦੇਣ ਵਾਲੇ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦੀ ਹੀ ਯੂਨੀਵਰਸਿਟੀ ਵੱਲੋਂ ਇਸ ਨੂੰ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਇਸ ਵਿਚ ਨੌਵੇਂ ਗੁਰੂ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਮੌਲਿਕ ਤੇ ਖੋਜ ਕਾਰਜ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਦਾ ਕੰਮ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਦੀ ਪ੍ਰੀਖਿਆ ਦੀ ਤਿਆਰੀ ਵੀ ਕਰਵਾਈ ਜਾਵੇਗੀ।
ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ’ਤੇ ਲਗਾਈ ਗਈ ਰੋਕ ਨੂੰ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਲਾਂਘਾ ਆਪਸੀ ਪਿਆਰ, ਸਦਭਾਵਨਾ ਅਤੇ ਸਾਂਝ ਦਾ ਪ੍ਰਤੀਕ ਹੈ, ਜਿਸ ਨੂੰ ਜਲਦੀ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਵੀ ਇਜਾਜ਼ਤ ਦਿੱਤੇ ਜਾਣ ਦੀ ਦੋਹਾਂ ਸਰਕਾਰਾਂ ਪਾਸੋਂ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ’ਚ ਗੁਰੂ ਗ੍ਰੰਥ ਸਾਹਿਬ ਦੇ 200 ਪਾਵਨ ਸਰੂਪ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।