ਇੱਥੇ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੰਜੇ ਸਿੰਘ ਨੇ ਕੇਂਦਰ ਸਰਕਾਰ ’ਤੇ ਪੰਜਾਬ ਨਾਲ ਮਤਰੇਆ ਸਲੂਕ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਮਿਸਾਲ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ’ਚ ਆਏ ਭੂਚਾਲ ਲਈ ਤਾਂ ਤਰੁੰਤ ਆਰਥਿਕ ਮਦਦ ਕਰ ਦਿੱਤੀ ਪਰ ਪੰਜਾਬ ਲਈ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਇਸ ਮੌਕੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੀਆਂ ਟਰਾਲੀਆ ਰਵਾਨਾ ਕੀਤੀਆਂ। ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਇਲਾਕੇ ਅਤੇ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ।ਪੱਤਰਕਾਰਾਂ ਨਾਲ ਗੱਲ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਕੱਲ੍ਹ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੇ ਪੰਜਾਬ ਦੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕੀਤਾ ਪਰ ਸੂਬੇ ਲਈ ਕੋਈ ਰਾਹਤ ਦੇਣ ਦਾ ਐਲਾਨ ਨਹੀਂ ਕੀਤਾ। ਸੰਜੇ ਸਿੰਘ ਨੇ ਕਿਹਾ ਕਿ ਸ੍ਰੀ ਮੋਦੀ ਨੂੰ ਅਜਿਹੀ ਔਖੀ ਘੜੀ ਵਿੱਚ ਪੰਜਾਬ ਦੀ ਬਾਂਹ ਫੜਨੀ ਚਾਹੀਦੀ ਹੈ। ਇਸ ਮੌਕੇ ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਸਰਕਾਰ ਕੋਲੋਂ ਪੰਜਾਬ ਦੇ ਰੋਕੇ ਹੋਏ ਪੈਸੇ ਜਾਰੀ ਕਰਨ ਦੇ ਨਾਲ, ਸੂਬੇ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਣ ਦੀ ਮੰਗ ਕੀਤੀ। ਇਸ ਮੌਕੇ ਸਥਾਨਕ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਅੰਮ੍ਰਿਤਸਰ (ਦੱਖਣੀ) ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਐੱਸਐੱਸਪੀ ਸੋਹੇਲ ਕਾਸਿਮ ਮੀਰ ਵੀ ਮੌਜੂਦ ਸਨ।ਸੰਜੇ ਸਿੰਘ ਵੱਲੋਂ ਮੰਡ ਇੰਦਰਪੁਰ ਵਿੱਚ ਹੜ੍ਹ ਪੀੜਤਾਂ ਨਾਲ ਮੁਲਾਕਾਤਕਪੂਰਥਲਾ (ਜਸਬੀਰ ਸਿੰਘ ਚਾਨਾ): ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਇਸ ਮੌਕੇ ਮੰਡ ਇੰਦਰਪੁਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ’ਚ ਪੂਰੀ ਮਜ਼ਬੂਤੀ ਤੇ ਦ੍ਰਿੜਤਾ ਨਾਲ ਹੜ੍ਹ ਪੀੜਤ ਲੋਕਾਂ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਏਡੀਸੀ ਵਰਿੰਦਰਪਾਲ ਸਿੰਘ ਬਾਜਵਾ ਵੀ ਮੌਜੂਦ ਸਨ।