ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਦਸੰਬਰ
ਮੁਹਾਲੀ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਅੱਜ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਖ-ਵੱਖ ਗੁਰਦੁਆਰਿਆਂ ਵਿੱਚ ਪਾਠ ਦੇ ਭੋਗ ਪਾਏ ਅਤੇ ਸਾਰਾ ਦਿਨ ਸ਼ਬਦ ਕੀਰਤਨ ਹੋਇਆ। ਇੱਥੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਵਿੱਚ ਭਾਈ ਗੁਰਸੇਵਕ ਸਿੰਘ ਚਮਕਾਰਾ ਦੇ ਪੰਥਕ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਵੱਲੋਂ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਬਾਰੇ ਦੱਸਿਆ। ਪ੍ਰਚਾਰਕ ਭਾਈ ਪਰਮਜੀਤ ਸਿੰਘ ਕਰਨਾਲ ਵਾਲੇ ਨੇ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦਾ ਬਿਰਤਾਂਤ ਸਰਵਣ ਕਰਵਾਇਆ। ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਵਿਖੇ ਵੀ ਦੀਵਾਨ ਸਜਾਇਆ ਗਿਆ।
ਮੋਰਿੰਡਾ (ਪੱਤਰ ਪ੍ਰੇਰਕ): ਗੁਰਦੁਆਰਾ ਅਕਾਲਗੜ੍ਹ ਸਾਹਿਬ ਘੜੂੰਆਂ ਵਿੱਚ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦੀਪ ਸਿੰਘ ਅਤੇ ਦਿਲਬਾਗ ਸਿੰਘ ਨੇ ਸਮਾਗਮ ਮੌਕੇ ਰਾਗੀ, ਢਾਡੀ ਜਥਿਆਂ ਨੇ ਸੰਗਤ ਨੂੰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਸ਼ਹੀਦ ਦਿਹਾੜੇ ਮੌਕੇ ਅੱਜ ਸੰਗਤ ਨੇ ਅੰਬਾਲਾ ਸ਼ਹਿਰ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰੂ ਤੇਗ਼ ਬਹਾਦਰ ਤੇ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਗੁਰਦੁਆਰਾ ਮਰਦੋਂ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਇਸੇ ਦੌਰਾਨ ਅੰਬਾਲਾ ਛਾਉਣੀ ਵਿਚ ਗੁਰਦੁਆਰਾ ਸਿੰਘ ਸਭਾ ਗੋਬਿੰਦ ਨਗਰ ਤੋਂ ਨਗਰ ਕੀਰਤਨ ਵੀ ਸਜਾਇਆ ਗਿਆ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਤੋਂ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਅਤੇ ਅਹਮਿ ਸ਼ਖਸੀਅਤਾਂ ਨੇ ਹਾਜ਼ਰੀ ਭਰੀ।