ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ -29 ਜੂਨ
ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਅੱਜ ਭਾਰਤ ਅਤੇ ਪਾਕਿਸਤਾਨ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਪਾਕਿਸਤਾਨ ਵਿੱਚ ਇਹ ਬਰਸੀ ਸਮਾਗਮ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਨੇੜੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਵਿਖੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਵਲੋਂ ਕਰਵਾਇਆ ਗਿਆ ਜਿਸ ਵਿਚ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦਾ ਜਥਾ ਵੀ ਸ਼ਾਮਲ ਹੋਇਆ। ਗੁਰਦੁਆਰਾ ਮੰਜੀ ਸਾਹਿਬ ਹਾਲ ਵਿਖੇ ਬਰਸੀ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਕੀਤਾ ਗਿਆ। ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਤ ਸਿੱਖ ਰਾਜ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਉਨ੍ਹਾਂ ਦੇ ਰਾਜ ਵਿੱਚ ਸਭ ਨੂੰ ਧਾਰਮਿਕ ਆਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। ਦੂਜੇ ਪਾਸੇ ਲਾਹੌਰ ਵਿੱਚ ਪੀਜੀਪੀਸੀ ਵਲੋਂ ਕੀਤੇ ਸਮਾਗਮ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਮਰਦਾਨਾ ਦੀ ਵੰਸ਼ ਵਿਚੋਂ ਸਾਥੀਆਂ ਅਤੇ ਬੀਬੀਆ ਦੇ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਗੁਰਮੀਤ ਸਿੰਘ ਬੂਹ ਨੇ ਪੀਜੀਪੀਸੀ ਅਤੇ ਔਕਾਫ ਬੋਰਡ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਪੰਜਾ ਸਾਹਿਬ ਸਾਕੇ ਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਡੇ ਪੱਧਰ ’ਤੇ ਮਨਾਉਣਾ ਚਾਹੁੰਦੀ ਹੈ ਅਤੇ ਇਸ ਕਾਰਜ ਵਾਸਤੇ ਪੂਰਾ ਸਹਿਯੋਗ ਵੀ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਗੁਰਦੁਆਰਾ ਪੰਜਾ ਸਾਹਿਬ ਅਤੇ ਲਾਹੌਰ ਵਿਖੇ ਸਮਾਗਮ ਕਰਵਾਉਣ ਲਈ ਪਾਕਿਸਤਾਨ ਸਰਕਾਰ ਆਗਿਆ ਦੇਵੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਡੇਹਰਾ ਸਾਹਿਬ ਨੇੜੇ ਯਾਤਰੂਆਂ ਦੀ ਸਹੂਲਤ ਵਾਸਤੇ ਇਕ ਵੱਡੀ ਸਰਾਂ ਦੀ ਲੋੜ ਹੈ। ਔਕਾਫ ਬੋਰਡ ਦੇ ਚੇਅਰਮੈਨ ਹਬੀਬ ਉਰ ਰਹਿਮਾਨ ਨੇ ਵੀ ਸੰਬੋਧਨ ਕਰਦਿਆਂ ਸੰਗਤ ਨੂੰ ਜੀ ਆਇਆ ਆਖਿਆ। ਪੀਜੀਪੀਸੀ ਪ੍ਰਧਾਨ ਅਮੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਯਾਤਰੂਆਂ ਵਾਸਤੇ ਰਿਹਾਇਸ਼ ਲਈ ਹੋਰ ਕਮਰੇ ਉਸਾਰੇ ਜਾ ਰਹੇ ਹਨ। ਇਸ ਮੌਕੇ ਹੋਰ ਪਾਕਿਸਤਾਨੀ ਸਿੱਖ ਆਗੂਆਂ ਨੇ ਵੀ ਸੰਬੋਧਨ ਕੀਤਾ।