ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਸਮਾਗਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰਾਗੜ੍ਹੀ ਜੰਗ ਦੀ 128ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਇੱਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਨੇ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਕਿਹਾ ਕਿ ਸਿੱਖ ਫ਼ੌਜੀਆਂ ਨੇ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਇਨ੍ਹਾਂ ਬਹਾਦਰਾਂ ਸਿੱਖਾਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਸ਼ਹੀਦਾਂ ਦੇ ਪਰਿਵਾਰਾਂ ’ਚੋਂ ਅਮਰੀਕ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਅਜਮੇਰ ਸਿੰਘ ਆਦਿ ਹਾਜ਼ਰ ਸਨ।
ਸਿੱਖ ਫ਼ੌਜੀਆਂ ਦੀ ਬਹਾਦਰੀ ’ਤੇ ਕੌਮ ਨੂੰ ਸਦਾ ਮਾਣ ਰਹੇਗਾ: ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਖਰੇ ਸੰਦੇਸ਼ ਰਾਹੀ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਵੱਡੀ ਮਿਸਾਲ ਹੈ, ਜਿਸ ਵਿੱਚ 21 ਸਿੱਖ ਸੂਰਬੀਰਾਂ ਨੇ 10 ਹਜ਼ਾਰ ਫ਼ੌਜ ਦਾ ਮੁਕਾਬਲਾ ਕੀਤਾ। ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਸਮਰਪਣ ਅਤੇ ਦ੍ਰਿੜ੍ਹਤਾ ਨੂੰ ਪਰਨਾਏ ਹੋਏ ਸਨ, ਜਿਨ੍ਹਾਂ ਦੀ ਬਹਾਦਰੀ ਕਰਕੇ ਅੱਜ ਵਿਸ਼ਵ ਭਰ ਵਿੱਚ ਇਨ੍ਹਾਂ ਸੂਰਮਿਆਂ ਦੀ ਗਾਥਾ ਦੀ ਗੱਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਫ਼ੌਜੀਆਂ ਦੀ ਬਹਾਦਰੀ ’ਤੇ ਸਿੱਖ ਕੌਮ ਨੂੰ ਸਦਾ ਮਾਣ ਰਹੇਗਾ।