ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸਮਾਗਮ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਕਲਕੱਤਾ ਤੇ ਪੱਛਮ ਬੰਗਾਲ ਦੇ ਸਮੂਹ ਗੁਰੂਘਰਾਂ ਦੀ ਸਾਂਝੀ ਸ਼ਤਾਬਦੀ ਕਮੇਟੀ ਵੱਲੋਂ ਕੋਲਕੱਤਾ ਵਿੱਚ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸਾਂਝੇ ਰੂਪ ਵਿੱਚ ਗੁਰਮਤਿ ਸਮਾਗਮ ਕੀਤਾ ਗਿਆਾ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖਾਂ ਨੂੰ ਕੌਮੀ ਭਾਵਨਾ ਅਨੁਸਾਰ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ, ਕਥਾਵਾਚਕ ਅਤੇ ਕਵੀਸ਼ਰ ਜਥੇ ਨੇ ਗੁਰਬਾਣੀ ਕੀਰਤਨ, ਗੁਰ ਇਤਿਹਾਸ ਤੇ ਕਥਾ ਵਿਚਾਰ ਕੀਤਾ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਲੀ ਦੇ ਚਾਂਦਨੀ ਚੌਕ ਵਿੱਚ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਪੜਚੋਲ ਦੀ ਲੋੜ ਹੈ ਕਿ ਜਿਸ ਧਰਮ ਦੀ ਅਜ਼ਾਦੀ ਲਈ ਗੁਰੂ ਤੇਗ਼ ਬਹਾਦਰ ਨੇ ਸ਼ਹਾਦਤ ਦਿੱਤੀ, ਹੁਣ ਜਦੋਂ ਉਨ੍ਹਾਂ ਦੇ ਪੈਰੋਕਾਰਾਂ ਕੋਲ ਸ਼ਕਤੀ ਆਈ ਤਾਂ ਉਨ੍ਹਾਂ ਦੇ ਸਿੱਖਾਂ ਦੇ ਕਕਾਰ ਕਿਰਪਾਨ ਤੇ ਕੜੇ ਉਤਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਰਾਨਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜੇ ਦਸਤਾਰਾਂ ਵਾਲੇ ਸਿੱਖ ਦੇਸ਼ ਲਈ ਨਾ ਲੜਦੇ ਤਾਂ ਅੱਜ ਇਸ ਦੇਸ਼ ਦਾ ਨਕਸ਼ਾ ਕੁਝ ਹੋਰ ਹੋਣਾ ਸੀ। ਉਨ੍ਹਾਂ ਸਮੂਹ ਸਿੱਖਾਂ ਨੂੰ ਅਕਾਲ ਤਖ਼ਤ ਨਾਲ ਜੁੜੇ ਰਹਿਣ ਲਈ ਆਖਿਆ, ਕਿਉਂ ਕਿ ਅੱਜ ਬਹੁਤ ਸ਼ਕਤੀਆਂ ਵੱਲੋਂ ਸਿੱਖਾਂ ਨੂੰ ਅਕਾਲ ਤਖ਼ਤ ਤੋਂ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।