ਮਨੋਜ ਸ਼ਰਮਾ
ਬਠਿੰਡਾ, 14 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਮਿਸ਼ਨ ਪੰਜਾਬ ਦੇ ਹਿੱਸੇ ਵਜੋਂ ਸੂਬੇ ਵਿੱਚ ਛੇਤੀ ਹੀ ਨਵੀਂ ਰਾਜਨੀਤਕ ਪਾਰਟੀ ਬਣਾਈ ਜਾਵੇਗੀ ਜਿਸ ਦੇ ਪ੍ਰਤੀਨਿਧ ਇਮਾਨਦਾਰ ਲੋਕ ਹੋਣਗੇ ਜੋ ਲੋਕਾਂ ਦੇ ਮਸਲਿਆਂ ਨੂੰ ਸੁਲਝਾਉਣ ਅਤੇ ਰਾਜ ਦੇ ਵਿਕਾਸ ਲਈ ਕੰਮ ਕਰਨਗੇ। ਬਠਿੰਡਾ ਫੇਰੀ ਦੌਰਾਨ ਅੱਜ ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ, ਚੜੂਨੀ ਨੇ ਕਿਹਾ ਕਿ ਉਹ ਨਵੀਂ ਸਿਆਸੀ ਪਾਰਟੀ ਦਾ ਹਿੱਸਾ ਨਹੀਂ ਹੋਣਗੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਵੋਟਰ ਸੂਬੇ ਵਿਚ ਵਿਕਾਸ ਅਤੇ ਬਦਲਾਅ ਲਿਆਉਣਾ ਚਾਹੁੰਦੇ ਹਨ। ਇਸ ਵਿਚ ਵੱਡੀ ਗਿਣਤੀ ਕਿਸਾਨ ਅਤੇ ਮਜ਼ਦੂਰ ਭਾਈਚਾਰਾ ਸ਼ਾਮਲ ਹੈ। ਜੇ ਇਹ ਸਾਰੇ ਇੱਕ ਮੰਚ ’ਤੇ ਇਕੱਠੇ ਹੋ ਜਾਣ ਤਾਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਵੋਟਰਾਂ ਨੂੰ ਵੀ ਉਤਸ਼ਾਹਤ ਕਰਨਗੇ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੱਕ ਵਿੱਚ ਵੋਟ ਨਾ ਪਾਉਣ। ਸ੍ਰੀ ਚੜੂਨੀ ਨੇ ਕਿਹਾ ਕਿ ਉਹ ਚੋਣ ਨਹੀਂ ਲੜਨਗੇ ਪਰ ਰਾਜ ਵਿੱਚ ਨਵੀਂ ਸਿਆਸੀ ਪਾਰਟੀ ਲਈ ਸਮਰਥਨ ਜੁਟਾਉਣਗੇ।
ਕਿਸਾਨਾਂ ਦੀ ਆਰਥਿਕ ਹਾਲਤ ਖਸਤਾ: ਚੜੂਨੀ
ਬਰਨਾਲਾ (ਰਵਿੰਦਰ ਰਵੀ): ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਦੇਸ਼ ’ਚ ਹਰ 32 ਮਿੰਟਾਂ ਬਾਅਦ ਕਰਜ਼ੇ ਦੀ ਮਾਰ ਹੇਠ ਆਇਆ ਕਿਸਾਨ ਖੁਦਕਸ਼ੀ ਕਰ ਰਿਹਾ ਹੈ ਪਰ ਦੇਸ਼ ਦਾ ਕੋਈ ਵੀ ਪੁੂੰਜੀਪਤੀ ਅਜਿਹਾ ਨਹੀਂ ਹੈ ਜਿਸ ਨੇ ਬੈਂਕਾਂ ਦਾ ਕਰੋੜਾਂ ਰੁਪਏ ਦਾ ਦੇਣਦਾਰ ਹੋਣ ਦੇ ਬਾਵਜੂਦ ਖੁਦਕੁਸ਼ੀ ਕੀਤੀ ਹੋਵੇ। ਉਨ੍ਹਾਂ ਗੁਰਦੁਆਰਾ ਬਾਬਾ ਜੱਸਾ ਸਿੰਘ ਦਾਨਗੜ੍ਹ ਰੋਡ ਧਨੌਲਾ ਵਿਚ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਤੇ ਇੱਕ ਪੱਤਰਕਾਰ ਸਬੰਧੀ ਸ਼ਰਧਾਂਜਲੀ ਸਮਾਗਮ ’ਚ ਸ਼ਿਰਕਤ ਕੀਤੀ।