ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਦਸੰਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ ਪੰਜਾਬ ਭਰ ’ਚ 12 ਦਸੰਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਾਅਦਾਖ਼ਿਲਾਫ਼ੀ ਕਾਰਨ ਮਜ਼ਦੂਰ ਵਰਗ ਅੰਦਰ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਆਪਣੀਆਂ ਸਾਢੇ ਚਾਰ ਸਾਲ ਦੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਭਾਵੇਂ ਮੁੱਖ ਮੰਤਰੀ ਦਾ ਚਿਹਰਾ ਬਦਲ ਦਿੱਤਾ ਹੈ ਪਰ ਇਸ ਸਰਕਾਰ ਦੀਆਂ ਮਜ਼ਦੂਰ ਤੇ ਲੋਕ ਵਿਰੋਧੀ ਨੀਤੀਆਂ ਨਹੀਂ ਬਦਲੀਆਂ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਪਲਾਟ ਅਲਾਟ, ਬਿਜਲੀ ਬਕਾਏ ਮੁਆਫ਼ ਕਰਨ ਅਤੇ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕਰਨ ਤੋਂ ਵੀ ਟਾਲਾ ਵੱਟ ਲਿਆ ਹੈ।