ਮਨੋਜ ਸ਼ਰਮਾ
ਬਠਿੰਡਾ, 8 ਫਰਵਰੀ
ਕਰਜ਼ਾ ਮੁਆਫ਼ੀ ਤੇ ਮਜ਼ਦੂਰ ਅਧਿਕਾਰਾਂ ਦੀ ਪ੍ਰਾਪਤੀ ਲਈ ਮਜ਼ਦੂਰ-ਮੁਕਤੀ ਮੋਰਚਾ ਪੰਜਾਬ ਵੱਲੋਂ ਅੱਜ ਗੋਨਿਆਣਾ-ਬਠਿੰਡਾ ਸੜਕ ਜਾਮ ਕਰ ਕੇ ਮਜ਼ਦੂਰ ਲਲਕਾਰ ਰੈਲੀ ਕੀਤੀ ਗਈ। ਮੋਰਚੇ ਵੱਲੋਂ 24 ਜਨਵਰੀ ਤੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਦਿਨ-ਰਾਤ ਦੇ ਧਰਨੇ ਦੇ 16ਵੇਂ ਦਿਨ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ, ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ, ਸੂਬਾ ਕਮੇਟੀ ਮੈਂਬਰ ਪਰਮਜੀਤ ਕੌਰ ਮੁੱਦਕੀ, ਸਤਨਾਮ ਸਿੰਘ ਪੱਖੀ ਖੁਰਦ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਮਨਰੇਗਾ ਲਈ ਕੋਈ ਬਜਟ ਨਾ ਰੱਖਣ ਤੋਂ ਸਾਫ਼ ਹੈ ਕਿ ਮੋਦੀ ਸਰਕਾਰ ਪੇਂਡੂ ਮਜ਼ਦੂਰਾਂ ਤੋਂ ਮਨਰੇਗਾ ਰੁਜ਼ਗਾਰ ਖੋਹਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਤੇ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੀ ਮਜ਼ਦੂਰ ਆਗੂ ਨੌਦੀਪ ਕੌਰ ਸਣੇ ਸੜਕਾਂ ’ਤੇ ਕੀਤੀ ਜਾ ਰਹੀ ਕਿਲ੍ਹਾਬੰਦੀ ਨਾਲ ਮੋਦੀ ਸਰਕਾਰ ਮਜ਼ਦੂਰਾਂ-ਕਿਸਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਖੇਤੀ ਕਾਨੂੰਨਾਂ ਦੀ ਤਰ੍ਹਾਂ ਕਿਰਤ-ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵੀ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਰੱਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਤਰ੍ਹਾਂ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਵੀ ਝੂਠਾ ਨਿਕਲਿਆ ਹੈ। ਉਨ੍ਹਾਂ ਚੋਣਾਂ ਤੋਂ ਪਹਿਲਾਂ ਗ਼ਰੀਬਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਅੱਜ ਦਲਿਤ ਤੇ ਗ਼ਰੀਬ ਔਰਤਾਂ ਕਿਸਾਨਾਂ ਦੀ ਤਰ੍ਹਾਂ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੇ ਕਰਜ਼ਿਆਂ ਦੇ ਮੱਕੜ ਜਾਲ ਵਿੱਚ ਫਸ ਕੇ ਆਤਮ-ਹੱਤਿਆ ਕਰਨ ਲਈ ਮਜਬੂਰ ਹਨ। ਬਿਜਲੀ ਦੇ ਮੋਟੇ ਬਿੱਲ ਭਰਨ ਤੋਂ ਅਸਮਰੱਥ ਗ਼ਰੀਬਾਂ ਦੇ ਘਰਾਂ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਤੇ ਸਰਕਾਰੀ ਜ਼ਮੀਨਾਂ ਬੇਜ਼ਮੀਨੇ ਦਲਿਤਾਂ ਤੇ ਗ਼ਰੀਬਾਂ ਵਿੱਚ ਰਿਹਾਇਸ਼ ਤੇ ਗੁਜ਼ਾਰੇ ਲਈ ਵੰਡੇ, ਗ਼ਰੀਬ ਔਰਤਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕੀਤੇ ਜਾਣ, ਘਰੇਲੂ ਬਿਜਲੀ ਦੇ ਭਾਅ ਅੱਧੇ ਕੀਤੇ ਜਾਣ ਆਦਿ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਮੰਗਾਂ ਵੱਲ ਸਰਕਾਰ ਧਿਆਨ ਨਹੀਂ ਦਿੰਦੀ ਤਾਂ ਮਾਰਚ ਮਹੀਨੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।