ਸੰਜੀਵ ਬੱਬੀ
ਚਮਕੌਰ ਸਾਹਿਬ, 19 ਦਸੰਬਰ
ਚਮਕੌਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਗੜੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਤਿੰਨ ਦਿਨਾਂ ਸ਼ਹੀਦੀ ਸਮਾਗਮ 20 ਦਸੰਬਰ ਤੋਂ ਸ਼ੁਰੂ ਹੋ ਰਹੇ ਹਨ। ਚਮਕੌਰ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿੱਚ 20 ਦਸੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 22 ਦਸੰਬਰ ਨੂੰ ਭੋਗ ਪਾਏ ਜਾਣਗੇ। ਇਨ੍ਹਾਂ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਵੀ ਸੰਗਤ ਦੀ ਆਮਦ ਨੂੰ ਵੇਖਦਿਆਂ ਪ੍ਰਬੰਧ ਵੀ ਕੀਤੇ ਗਏ। ਸ਼ਹੀਦੀ ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਐੱਸਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਜੋੜ ਮੇਲ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਉਣ ਵਾਲੀ ਸੰਗਤ ਨੂੰ ਆਵਾਜਾਈ ਸਬੰਧੀ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੀਪੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਹਸਪਤਾਲ ਵਿੱਚ 24 ਘੰਟੇ ਹਾਜ਼ਰ ਰਹਿਣਗੀਆਂ। ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਵੀ ਸਮਾਗਮਾਂ ਦੌਰਾਨ ਬਾਹਰੋਂ ਆ ਕੇ ਲੰਗਰ ਲਾਉਣ ਵਾਲੀ ਸੰਗਤ ਨੂੰ ਸਾਦੇ ਲੰਗਰ ਲਗਾਉਣ ਦੀ ਅਪੀਲ ਕੀਤੀ ਹੈ।