ਚੰਡੀਗੜ੍ਹ, 5 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਕੇਂਦਰੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਹਿੰਸਾ ਉੱਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਇਕ ਬਿਆਨ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੀ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਸੀ। ਮੀਟਿੰਗ ਤੋਂ ਬਾਅਦ ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਮੰਤਰੀ ਨਾਲ ਲਖੀਮਪੁਰ ਖੀਰੀ ਦੀ ਘਟਨਾ ਦਾ ਮੁੱਦਾ ਉਠਾਇਆ। ਇਸ ਤੋਂ ਇਲਾਵਾ ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਜਲਦੀ ਤੋਂ ਜਲਦੀ ਰੱਦ ਕੀਤੇ ਜਾਣ। ਸ੍ਰੀ ਚੰਨੀ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦਾ ਮੁੱਦਾ ਉਠਾੳਂਦੇ ਹੋਏ ਇਸ ਬਾਰੇ ਫ਼ੈਸਲਾ ਜਲਦੀ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ੍ਰੀ ਸ਼ਾਹ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਇਸ ਸਬੰਧ ਵਿਚ ਵਿਚਾਰ-ਚਰਚਾ ਕਰ ਕੇ ਲਾਂਘਾ ਮੁੜ ਤੋਂ ਖੋਲ੍ਹਣ ਬਾਰ ਫ਼ੈਸਲਾ ਲੈਣਗੇ। ਸ੍ਰੀ ਚੰਨੀ ਨੇ ਨਸ਼ਿਆਂ ਦੀ ਤਸਕਰੀ ਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਪਾਕਿਸਤਾਨੀ ਸੀਮਾ ਨੂੰ ਸੀਲ ਕਰਨ ਦੀ ਅਪੀਲ ਵੀ ਕੀਤੀ। -ਪੀਟੀਆਈ