Chandigarh Mayor Election: ਚੰਡੀਗੜ੍ਹ ਨੂੰ ਕੁਝ ਹੀ ਦੇਰ ਵਿੱਚ ਹੀ ਮਿਲੇਗਾ ਨਵਾਂ ਮੇਅਰ
ਮੁਕੇਸ਼ ਕੁਮਾਰ , ਚੰਡੀਗੜ੍ਹ
ਸਿਟੀ ਬਿਊਟੀਫੁੱਲ ਚੰਡੀਗੜ੍ਹ ਨੂੰ ਜਲਦੀ ਹੀ ਨਵਾਂ ਮੇਅਰ ਮਿਲਣ ਜਾ ਰਿਹਾ ਹੈ। ਨਗਰ ਨਿਗਮ ਭਵਨ ਵਿੱਚ ਮੇਅਰ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਮਿਲ ਕੇ ਪ੍ਰਧਾਨ ਦੀ ਚੋਣ ਲਈ ਮੈਦਾਨ ਵਿਚ ਨਿੱਤਰੇ ਹਨ। ਮੇਅਰ ਦੀ ਚੋਣ ਲਈ ਮੁਕਾਬਲਾ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਕਾਰ ਹੈ।
ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਵੱਲੋਂ ਕੌਂਸਲਰ ਪ੍ਰੇਮਲਤਾ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਹਰਪ੍ਰੀਤ ਕੌਰ ਬਬਲ ਭਾਜਪਾ ਵੱਲੋਂ ਚੋਣ ਮੈਦਾਨ ਵਿੱਚ ਹਨ। ਮੇਅਰ ਚੋਣ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਵੀ ਚੋਣਾਂ ਹੋਣਗੀਆਂ। ਨਿਗਮ ਭਵਨ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਹਨ। ਨਿਗਮ ਦੀ ਇਮਾਰਤ ਵਿੱਚ ਬਾਹਰੀ ਲੋਕਾਂ ਦੇ ਦਾਖਲੇ ਦੀ ਸਖ਼ਤ ਮਨਾਹੀ ਹੈ।
ਇਸ ਦੌਰਾਨ ਐਸਪੀ ਕੰਵਰਦੀਪ ਕੌਰ ਖੁਦ ਮੌਕੇ 'ਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਨਿਯੁਕਤ ਸਾਬਕਾ ਜਸਟਿਸ ਜੈ ਸ਼੍ਰੀ ਠਾਕੁਰ ਦੀ ਨਿਗਰਾਨੀ ਹੇਠ ਕਰਵਾਈਆਂ ਜਾ ਰਹੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਨੂੰ ਵੋਟ ਪਾਉਣ ਤੋਂ ਰੋਕਣ ਦੀ ਭਾਜਪਾ ਦੀ ਮੰਗ ਨੂੰ ਰੱਦ ਕਰ ਦਿੱਤਾ। ਕੁਲਦੀਪ ਕੁਮਾਰ ਨੂੰ ਅਗਾਊਂ ਜ਼ਮਾਨਤ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਸਪੱਸ਼ਟ ਕੀਤਾ ਕਿ ਉਸਨੂੰ ਚੋਣਾਂ ਵਿੱਚ ਵੋਟ ਪਾਉਣ ਤੋਂ ਨਹੀਂ ਰੋਕਿਆ ਜਾ ਸਕਦਾ।
'ਆਪ' ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ ਨੇ ਇਸ ਫੈਸਲੇ ਨੂੰ ਭਾਜਪਾ ਦੀ ਸਾਜ਼ਿਸ਼ ਦੀ ਹਾਰ ਦੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਲੋਕਤੰਤਰ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਨਿਆਂਪਾਲਿਕਾ ਨੇ ਸੱਚ ਦੇ ਹੱਕ ਵਿੱਚ ਫੈਸਲਾ ਸੁਣਾਇਆ।