ਪੱਤਰ ਪ੍ਰੇਰਕ
ਚੰਡੀਗੜ੍ਹ, 13 ਸਤੰਬਰ
ਯੂਟੀ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਸੰਘਰਸ਼ ਕਰਦੇ ਆ ਰਹੇ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਯੂਟੀ ਪ੍ਰਸ਼ਾਸਨ ਖ਼ਿਲਾਫ਼ 15 ਸਤੰਬਰ ਨੂੰ ਸਵੇਰੇ 10 ਤੋਂ 4 ਵਜੇ ਤੱਕ ਸੈਕਟਰ-17 ਸਥਿਤ ਪੁਲ਼ ਹੇਠਾਂ ਭੁੱਖ ਹੜਤਾਲ ਕੀਤੀ ਜਾਵੇਗੀ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ ਤੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਨੇ ਦੱਸਿਆ ਕਿ ਭੁੱਖ ਹੜਤਾਲ ਵਿੱਚ ਵਿੱਚ ਸੈਂਕੜੇ ਪੰਜਾਬੀ ਹਿਤੈਸ਼ੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਚੰਡੀਗੜ੍ਹ ਸ਼ਹਿਰ ਵਿੱਚ ਮਾਂ-ਬੋਲੀ ਪੰਜਾਬੀ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸਮੇਂ-ਸਮੇਂ ’ਤੇ ਇੱਥੇ ਬਾਹਰੋਂ ਆਏ ਪ੍ਰਸ਼ਾਸਨਿਕ ਅਧਿਕਾਰੀ ਪੰਜਾਬੀ ਬੋਲੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦੇਣ ਲਈ ਤਿਆਰ ਹੀ ਨਹੀਂ ਹਨ। ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਦਿਆਂ 15 ਸਤੰਬਰ ਨੂੰ ਭੁੱਖ ਹੜਤਾਲ ਕੀਤੀ ਜਾ ਰਹੀ ਹੈ।