ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ ਨੂੰ ਪਾਰਟੀ ਦੇ ਐੱਸਸੀ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਨਵ-ਨਿਯੁਕਤ ਪ੍ਰਧਾਨ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਵਾਅਦਾ ਕੀਤਾ। ਪਾਰਟੀ ਦੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸ੍ਰੀ ਚੰਗਾਲ ਲੰਮੇ ਸਮੇਂ ਤੋਂ ਐੱਸਸੀ ਭਾਈਚਾਰੇ ਦੇ ਹਿੱਤਾਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਕਾਰਜਸ਼ੀਲ ਹਨ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਨਵ-ਨਿਯੁਕਤ ਕੌਮੀ ਪ੍ਰਧਾਨ ਮਲਕੀਤ ਸਿੰਘ ਚੰਗਾਲ ਨੂੰ ਇਸ ਨਵੀਂ ਮਿਲੀ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਮਲਕੀਤ ਸਿੰਘ ਚੰਗਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰਨਗੇ। -ਟਨਸ