ਹੁਸ਼ਿਆਰਪੁਰ: ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ‘ਪ੍ਰੈਜ਼ੀਡੈਂਟ ਆਫ ਭਾਰਤ’ ਲਿਖੇ ਜਾਣ ਕਾਰਨ ਛਿੜੇ ਵਿਵਾਦ ’ਤੇ ਬੋਲਦਿਆਂ ਕਿਹਾ ਕਿ ਇਹ ਭਾਜਪਾ ਦੀ ਇਕ ਸਿਆਸੀ ਸ਼ੋਸ਼ੇਬਾਜ਼ੀ ਹੈ। ਸੁਖਬੀਰ ਬਾਦਲ ਇੱਥੇ ਜ਼ਿਲ੍ਹੇ ਦੀ ਵਾਗਡੋਰ ਲਖਵਿੰਦਰ ਸਿੰਘ ਲੱਖੀ ਦੇ ਹੱਥ ਸੌਂਪਣ ਤੋਂ ਨਾਰਾਜ਼ ਚੱਲ ਰਹੇ ਸਾਬਕਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਮਨਾਉਣ ਆਏ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਲਾਲੀ ਬਾਜਵਾ ਨਾਲ ਬੰਦ ਕਮਰਾ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਸਮਰਥਕਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲਾਲੀ ਬਾਜਵਾ ਉਨ੍ਹਾਂ ਨਾਲ ਨਾਰਾਜ਼ ਨਹੀਂ ਹੋ ਸਕਦੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ