ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਲਾਟਰੀ ਵਿਭਾਗ ਵਿੱਚ ਵੱਡੇ ਪੱਧਰ ’ਤੇ ਧਾਂਦਲੀ ਹੋਣ ਦੇ ਦੋਸ਼ ਲਗਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਨੀ ਨੇ ਦੋਸ਼ ਲਾਇਆ ਕਿ ਲਾਟਰੀ ਵਿਭਾਗ ਵਿੱਚ ਲਾਟਰੀ ਏਜੰਟਾਂ ਦੇ ਕਮਿਸ਼ਨ ਅਤੇ ਨਿਯਮਾਂ ਵਿੱਚ ਕਥਿਤ ਤੌਰ ’ਤੇ ਹੇਰ-ਫੇਰ ਕਰ ਕੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਲਾਟਰੀ ਰਾਹੀਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ ਲਗਭਗ 200 ਕਰੋੜ ਰੁਪਏ ਜਮ੍ਹਾਂ ਹੁੰਦੇ ਸਨ ਪਰ ਚਾਰ ਸਾਲਾਂ ਦੌਰਾਨ ਇਹ ਰਕਮ ਘਟ ਕੇ ਕਰੀਬ 45 ਕਰੋੜ ਰੁਪਏ ਰਹਿ ਗਈ ਹੈ। ਸਾਬਕਾ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਲਾਟਰੀ ਦਾ ਕੰਮ ਆਪਣੇ ਪੱਧਰ ’ਤੇ ਚਲਾਇਆ ਜਾਂਦਾ ਸੀ ਪਰ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲਾਟਰੀ ਲਈ ਟੈਂਡਰ ਜਾਰੀ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਵਿਅਕਤੀ ਨੂੰ ਪਹਿਲਾਂ ਕਰੀਬ 80 ਕਰੋੜ ਰੁਪਏ ਦਾ ਟੈਂਡਰ ਦਿੱਤਾ ਗਿਆ, ਜਿਸ ਦੇ ਡਿਫਾਲਟਰ ਹੋਣ ਮਗਰੋਂ ਹੁਣ ਇਹ ਟੈਂਡਰ 42 ਕਰੋੜ ਰੁਪਏ ਵਿੱਚ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ।
ਚੰਨੀ ਝੂਠ ਬੋਲਣਾ ਬੰਦ ਕਰਨ: ਚੀਮਾ
ਚੰਡੀਗੜ੍ਹ (ਟਨਸ): ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਾਟਰੀ ਤੋਂ ਸੂਬਾ ਸਰਕਾਰ ਨੂੰ ਹੋਣ ਵਾਲੀ ਕਮਾਈ ਵਿੱਚ ਲਗਾਤਾਰ ਹੋ ਰਹੀ ਕਟੌਤੀ ਬਾਰੇ ਚੁੱਕੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸ੍ਰੀ ਚੰਨੀ ਵੱਲੋਂ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਚੰਨੀ ਜਦੋਂ ਮੁੱਖ ਮੰਤਰੀ ਸਨ, ਉਸ ਸਮੇਂ ਵੀ 30 ਕਰੋੜ ਰੁਪਏ ਵਿੱਚ ਟੈਂਡਰ ਗਏ ਸਨ ਪਰ ਹੁਣ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਚੰਨੀ ਵੱਲੋਂ ਝੂਠ ਬੋਲਿਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਕੋਲ ਕਹਿਣ ਲਈ ਕੁਝ ਵੀ ਨਹੀਂ ਹੈ, ਇਸੇ ਲਈ ਪਾਰਟੀ ਆਗੂ ਝੂਠ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

