ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜਨਵਰੀ
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਬਿਜਲੀ ਖਰੀਦ ਸਮਝੌਤੇ (ਪੀਪੀਏ) ਦੇ ਮੁੱਦੇ ’ਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਦਾ ਐਲਾਨ ਅੱਜ ਤੱਕ ਲਾਗੂ ਨਹੀਂ ਹੋਇਆ ਹੈ ਪਰ ਚੰਨੀ ਸਰਕਾਰ ਨੇ ਇਸ ਦੇ ਪ੍ਰਚਾਰ ’ਤੇ ਸਰਕਾਰੀ ਖਜ਼ਾਨੇ ਵਿੱਚੋਂ ਕਰੋੜਾਂ ਰੁਪਏ ਖ਼ਰਚ ਕਰ ਦਿੱਤੇ। ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਬਾਦਲਾਂ ਅਤੇ ਕੈਪਟਨ ਦੀ ਤਰ੍ਹਾਂ ਚੰਨੀ ਸਰਕਾਰ ਨੇ ਵੀ ਬਿਜਲੀ ਖਰੀਦ ’ਚ ਆਪਣਾ ਹਿੱਸਾ ਬੰਨ੍ਹਿਆ ਅਤੇ ਨਿੱਜੀ ਬਿਜਲੀ ਕੰਪਨੀਆਂ ਦੇ ਨਾਲ ਮਿਲੀਭੁਗਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਦਾਅਵਾ ਕਰਦੇ ਸਨ ਕਿ ਜੇ ਉਨ੍ਹਾਂ ਕੋਲ ਸੱਤਾ ਆਈ ਤਾਂ ਉਹ ਬਿਜਲੀ ਸਮਝੌਤੇ ਤੁਰੰਤ ਰੱਦ ਕਰਨਗੇ ਪਰ ਅਜਿਹਾ ਨਹੀਂ ਹੋਇਆ, ਇਸ ਦਾ ਜਵਾਬ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਅੱਗੇ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਹਰੇਕ ਮਹੀਨੇ ਮੁਫ਼ਤ ਬਿਜਲੀ ਦੇਵੇਗੀ।